
ਪੰਜਾਬ 'ਚ ਮੁੜ ਰਾਤ ਦਾ ਕਰਫ਼ਿਊ
ਮੁੱਖ ਮੰਤਰੀ ਵਲੋਂ ਪਹਿਲੀ ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ
ਚੰਡੀਗੜ੍ਹ, 25 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਦਿੱਲੀ-ਐਨ.ਸੀ.ਆਰ. ਵਿਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿਚ ਕੋਰੋਨਾ ਦੀ ਦੂਜੀ ਲਹਿਰ ਦੇ ਖ਼ਦਸ਼ਿਆਂ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸੂਬੇ ਵਿਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿਚ ਦੁਬਾਰਾ ਰਾਤ ਦਾ ਕਰਫ਼ਿਊ ਲਾਇਆ ਜਾਣਾ ਅਤੇ ਮਾਸਕ ਨਾ ਪਾਉਣ ਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਕਰ ਕੇ ਦੁਗਣਾ ਜੁਰਮਾਨਾ ਲਾਇਆ ਜਾਣਾ ਸ਼ਾਮਲ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਸਾਰੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਰਾਤ ਦਾ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5:00 ਵਜੇ ਤਕ ਲਾਗੂ ਰਹੇਗਾ। ਉਨ੍ਹਾਂ ਲੋਕਾਂ ਨੂੰ ਇਸ ਸਬੰਧ ਵਿਚ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਵੀ ਦਿਤੀ।
ਇਕ ਉਚ ਪਧਰੀ ਸੂਬਾਈ ਕੋਵਿਡ ਸਮੀਖਿਆ ਮੀਟਿੰਗ ਤੋਂ ਬਾਅਦ ਨਵੀਆਂ ਪਾਬੰਦੀਆਂ ਦੇ ਵੇਰਵੇ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਜੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿਤਾ ਗਿਆ ਹੈ। ਦਿੱਲੀ ਤੋਂ ਪੰਜਾਬ ਵਿਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਨਿਜੀ ਹਸਪਤਾਲਾਂ ਵਿਚ ਬਿਸਤਰਿਆਂ (ਬੈੱਡਜ਼) ਦੀ ਗਿਣਤੀ ਦੀ ਸਮੀਖਿਆ ਕਰ ਕੇ ਇਨ੍ਹਾਂ ਵਿਚ ਵਾਧਾ ਕੀਤਾ ਜਾਵੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਉਣ ਲਈ ਕਿਹਾ ਹੈ ਤਾਂ ਜੋ ਵੱਧ ਤੋਂ ਵੱਧ ਨਿਜੀ ਹਸਪਤਾਲ ਕੋਵਿਡ ਸੰਭਾਲ ਲਈ ਬਿਸਤਰੇ ਉਪਲਭਧ ਕਰਵਾ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਆਕਸੀਜਨ ਅਤੇ ਆਈ.ਸੀ.ਯੂ. ਬੈੱਡਜ਼ ਦੀ ਉਪਲਭਧਤਾ ਨੂੰ ਹੋਰ ਹੁਲਾਰਾ ਦੇਣ ਲਈ ਐਲ 99 ਅਤੇ ਐਲ 999 ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਹੁਕਮ ਦਿਤੇ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੀ ਨਿਗਰਾਨੀ ਲਈ ਵੀ ਕਿਹਾ ਹੈ ਜਿਨ੍ਹਾਂ ਕੋਲ ਐਲ 999 ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਹਰਾਂ ਦੇ ਸਮੂਹ ਵਲੋਂ ਹਾਸਲ ਹੋਈ ਰੀਪੋਰਟ ਦੀਆਂ ਸਿਫ਼ਾਰਸ਼ਾਂ ਦੇ ਸੰਦਰਭ ਵਿਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੇ ਸਿਵਲ ਹਸਪਤਾਲਾਂ ਦੇ ਪ੍ਰਬੰਧਨ 'ਤੇ ਵੀ ਨਿਗ੍ਹਾ ਰੱਖੀ ਜਾਵੇਗੀ।
ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਨਿਰਦੇਸ਼ ਦਿਤੇ ਕਿ ਸਪੈਸ਼ਲਿਸਟਾਂ, ਸੁਪਰ ਸਪੈਸ਼ਲਿਸਟਾਂ, ਨਰਸਾਂ ਤੇ ਪੈਰਾ ਮੈਡਿਕਸ ਦੀਆਂ ਹੰਗਾਮੀ ਭਰਤੀਆਂ ਕੀਤੀਆਂ ਜਾਣ ਤਾਂ ਜੋimage ਹਾਲ ਹੀ ਵਿਚ 249 ਸਪੈਸ਼ਲਿਸਟ ਡਾਕਟਰਾਂ ਅਤੇ 407 ਮੈਡੀਕਲ ਅਫ਼ਸਰਾਂ ਦੀ ਭਰਤੀ ਨਾਲ ਮਜ਼ਬੂਤ ਹੋਏ ਅਮਲੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ। ਇਨ੍ਹਾਂ ਵਿਭਾਗਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਚੌਥੇ ਤੇ ਪੰਜਵੇਂ ਵਰ੍ਹੇ ਦੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਨੂੰ ਭਵਿੱਖ ਦੀ ਲੋੜ ਨੂੰ ਮੁੱਖ ਰਖਦੇ ਹੋਏ ਰਿਜ਼ਰਵ ਦੇ ਤੌਰ 'ਤੇ ਰਖਿਆ ਜਾਵੇ।