
ਚਿਰਾਂ ਤੋਂ ਬਾਅਦ ਲੋਕਾਂ ਦੀ ਮੰਗ ਹੋਈ ਪੂਰੀ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਮਿਲਣਗੇ
ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਦਿਤੀ ਸਹੂਲਤ
ਚੰਡੀਗੜ੍ਹ, (ਸਸਸ) : ਸੂਬੇ ਦੇ ਲੱਖਾਂ ਪਰਵਾਰਾਂ ਖ਼ਾਸ ਕਰ ਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ’ਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿਚ ਰਹਿ ਰਹੇ ਪਰਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹਈਆ ਕਰਵਾਏਗੀ। ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜਿੰਮਾ ਮਾਲ ਵਿਭਾਗ ਨੂੰ ਦਿਤਾ ਗਿਆ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਸ਼ਨਾਖ਼ਤ ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਸੀ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਅਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿਤੀਆਂ ਜਾਣਗੀਆਂ। ਉਨ੍ਹਾਂ ਦਸਿਆ ਸੀ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ ਜਿਸ ਨਾਲ ਸਬੰਧਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਅਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ ਜਿਸ ਕਰ ਕੇ ਇਸ ਦੀ ਕੀਮਤ ਵੀ ਵਧੇਗੀ। ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ਵਿਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ਵਿਚ ਆਉਣਗੇ। ਮੁੱਖ ਮੰਤਰੀ ਨੇ ਦਸਿਆ ਸੀ ਕਿ ਸੂਬਾ ਸਰਕਾਰ ਨੇ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਲਾਲ ਲਕੀਰ ਤੋਂ ਬਾਹਰ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਵੱਡੀ ਰਾਹਤ ਦਿਤੀ ਜਾ ਰਹੀ ਹੈ।