
ਉਦਘਾਟਨ ਸਮਾਰੋਹ ਲਈ ਖਰੜ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੱਚੇ ਕਾਮਿਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ।
ਖਰੜ: ਉਦਘਾਟਨ ਸਮਾਰੋਹ ਲਈ ਖਰੜ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੱਚੇ ਕਾਮਿਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਵੱਖ-ਵੱਖ ਜਥੇਬੰਦੀਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਿਜਲੀ ਵਿਭਾਗ, ਏਡ ਕੰਟਰੋਲ ਤੇ ਹੋਰ ਕਈ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਸਨ।
Protest against CM Channi
ਮੁੱਖ ਮੰਤਰੀ ਦੇ ਪਹੁੰਚਣ 'ਤੇ ਪ੍ਰਦਰਸ਼ਨਕਾਰੀ ਮੁਲਜ਼ਮ ਗੱਡੀਆਂ ਦੇ ਕਾਫਲੇ ਅੱਗੇ ਲੰਮੇ ਪੈ ਗਏ। ਪੁਲਿਸ ਨੇ ਹਲਕੇ ਬਲ ਦੀ ਵਰਤੋਂ ਨਾਲ ਪ੍ਰਦਰਸ਼ਨਕਾਰੀ ਮੁਲਜ਼ਮਾਂ ਨੂੰ ਇੱਥੋਂ ਹਟਾਇਆ। ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਸੁਰੱਖਿਆ ਲਈ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ, ਜਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਸਾਨੂੰ ਠੇਕੇ ’ਤੇ ਭਰਤੀ ਕੀਤਾ ਗਿਆ ਸੀ।
Protest against CM Channi
ਉਹਨਾਂ ਕਿਹਾ ਕਿ ਚੰਨੀ ਸਰਕਾਰ ਨੇ ਕਿਹਾ ਕਿ ਉਹਨਾਂ ਨੇ 36000 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ, ਇਹ ਬਿਲਕੁਲ ਝੂਠ ਹੈ। ਸਰਕਾਰ ਨੇ ਕੋਈ ਮੁਲਾਜ਼ਮ ਪੱਕਾ ਨਹੀਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਝੂਠੇ ਵਾਅਦੇ ਕਰਦੀ ਹੈ। ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਆਏ ਸੀ ਪਰ ਪੁਲਿਸ ਨੇ ਉਹਨਾਂ ਨਾਲ ਧੱਕੇਸ਼ਾਹੀ ਕੀਤੀ ਹੈ। ਅਸੀਂ ਆਉਣ ਵਾਲੇ ਦਿਨਾਂ ਵਿਚ ਵੀ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕਰਾਂਗੇ।
Protest against CM Channi
ਉਧਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਾਨੂੰਨ ਅਤੇ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ। ਇਸ ਤੋਂ ਬਾਅਦ ਮੋਰਿੰਡਾ ਵਿਖੇ ਵੀ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਖਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਧਿਆਰਕਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਵੀ ਹੋਈ। ਦੱਸ ਦਈਏ ਕਿ ਅਪਣੀਆਂ ਮੰਗਾਂ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।