
ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ
Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ।
ਸੁਖਾਵੇਂ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।
ਕੁੱਕ ਦੇ ਛੁੱਟੀ 'ਤੇ ਚਲੇ ਜਾਣ ਦੀ ਸੂਰਤ ਵਿਚ ਮਿਡ-ਡੇ-ਮੀਲ ਤਿਆਰ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।
(For more Punjabi news apart from Cheema directs School Education Department to form committee on salaries of mid-day meal cooks, stay tuned to Rozana Spokesman)