
ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਆਈ.ਜੀ. ਪਰਮਰਾਜ...
ਫਰੀਦਕੋਟ : ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਅਪਣੀ ਰੈਗੁਲਰ ਜ਼ਮਾਨਤ ਲਈ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ 6 ਮਾਰਚ ਨੂੰ ਤੈਅ ਕੀਤੀ ਗਈ ਹੈ। ਫਿਲਹਾਲ ਆਈ.ਜੀ. ਉਮਰਾਨੰਗਲ 12 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਹਨ।
ਦੱਸ ਦਈਏ ਕਿ ਬੀਤੀ 18 ਫਰਵਰੀ ਨੂੰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਵਲੋਂ ਉਨ੍ਹਾਂ ਨੂੰ 4 ਦਿਨਾਂ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ। 23 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅਦਾਲਤ ਵਲੋਂ ਫਿਰ 3 ਦਿਨਾਂ ਪੁਲਿਸ ਰਿਮਾਂਡ ਵਿਚ ਵਾਧਾ ਕੀਤਾ ਗਿਆ।
ਰਿਮਾਂਡ ਖਤਮ ਹੋਣ ਮਗਰੋਂ ਸਿਟ ਵਲੋਂ ਮੰਗਲਵਾਰ ਨੂੰ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 12 ਮਾਰਚ ਤੱਕ ਜੇਲ੍ਹ ਭੇਜਣ ਦੇ ਹੁਕਮ ਦਿਤੇ।