
ਯਾਤਰਾ ਦਾ ਮਕਸਦ ਨੌਜਵਾਨਾਂ ਨੂੰ ਸਿਹਤ ਪ੍ਰਤੀ ਸੁਚੇਤ ਕਰਵਾਉਣਾ
ਅੰਮ੍ਰਿਤਸਰ: ਫਿੱਟ ਇੰਡੀਆ ਮੂਵਮੈਂਟ ਤਹਿਤ ਨੌਜਵਾਨਾਂ ਨੂੰ ਸਿਹਤ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਰਾਜਸਥਾਨ ਦੇ ਰਹਿਣ ਵਾਲੇ ਨੌਜਵਾਨ ਸੰਜੇ ਕੁਮਾਰ ਅਤੇ ਰਾਮ ਰਤਨ ਅਪਣੇ ਸਾਥੀਆਂ ਨਾਲ ਕੰਨਿਆ ਕੁਮਾਰੀ ਤੋਂ ਸ੍ਰੀਨਗਰ ਤਕ ਦੌੜ ਲਗਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਇਹਨਾਂ ਨੌਜਵਾਨਾਂ ਨੇ ਦੇਸ਼ ਦੇ 11 ਰਾਜਾਂ ਦੀ ਪੈਦਲ ਯਾਤਰਾ ਕੀਤੀ।
Youth reached Sri Harmandir Sahib
ਸ੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਵੱਲੋਂ ਇਹਨਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਸੰਜੇ ਕੁਮਾਰ ਅਤੇ ਰਾਮ ਰਤਨ ਤੇ ਸਾਥੀਆਂ ਨੇ ਇਹ ਯਾਤਰਾ 12 ਜਨਵਰੀ ਨੂੰ ਸ਼ੁਰੂ ਕੀਤੀ ਸੀ ਜੋ 8 ਮਾਰਚ ਨੂੰ ਸ੍ਰੀਨਗਰ ਪਹੁੰਚ ਕੇ ਸਮਾਪਤ ਹੋਵੇਗੀ।
Bhai Manjit Singh
ਇਸੇ ਯਾਤਰਾ ਦੇ 45ਵੇਂ ਦਿਨ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਉਹਨਾਂ ਕਿਹਾ ਕਿ ਯਕੀਨਨ ਤੌਰ ’ਤੇ ਇਹ ਨੌਜਵਾਨ ਅੱਜ ਦੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਕ੍ਰਿਪਾ ਸਦਕਾ ਇਹ ਨੌਜਵਾਨ ਅਪਣੇ ਮਕਸਦ ਵਿਚ ਜ਼ਰੂਰ ਕਾਮਯਾਬ ਹੋਣਗੇ।
Sanjay Kumar
ਗੱਲਬਾਤ ਦੌਰਾਨ ਸੰਜੇ ਕੁਮਾਰ ਨੇ ਦੱਸਿਆ ਕਿ ਉਹਨਾਂ ਨੇ 12 ਜਨਵਰੀ ਨੂੰ ਇਹ ਯਾਤਰਾ ਸ਼ੁਰੂ ਕੀਤੀ ਸੀ ਤੇ ਇਹ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਸਮਾਪਤ ਹੋਵੇਗੀ। ਉਹਨਾਂ ਦੱਸਿਆ ਕਿ ਉਹ ਅਪਣਾ ਨਾਂਅ ਗਿੰਨੀਜ਼ ਬੁੱਕ ਆਫ ਰਿਕਾਰਡਜ਼ ਵਿਚ ਦਰਜ ਕਰਵਾਉਣ ਲਈ ਵੀ ਯਤਨ ਕਰ ਰਹੇ ਹਨ। ਉਹਨਾਂ ਦੀ ਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿਹਤ ਪ੍ਰਤੀ ਪ੍ਰੇਰਿਤ ਕਰਨਾ ਹੈ।
Ram Ratan
ਸੰਜੇ ਕੁਮਾਰ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਉਹਨਾਂ ਦੀ ਖੁਸ਼ਕਿਸਮਤੀ ਹੈ। ਗੱਲਬਾਤ ਦੌਰਾਨ ਰਾਮ ਰਤਨ ਨੇ ਕਿਹਾ ਕਿ ਉਹਨਾਂ ਨੇ ਨੌਜਵਾਨਾਂ ਅਤੇ ਔਰਤਾਂ ਨੂੰ ਸਿਹਤ ਪ੍ਰਤੀ ਪ੍ਰੇਰਿਤ ਕਰਨ ਲਈ ਇਕ ਛੋਟੀ ਜਿਹੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਨੌਜਵਾਨਾਂ ਨੂੰ ਸਵੇਰੇ ਕਸਰਤ ਅਤੇ ਸੈਰ ਕਰਨ ਦਾ ਸੁਝਾਅ ਦਿੱਤਾ। ਇਸ ਦੇ ਨਾਲ ਹੀ ਨੌਜਵਾਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ।