ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ''
ਚੰਡੀਗੜ੍ਹ - ਕੁੱਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਤੰਜ਼ ਕੱਸਿਆ ਹੈ ਤੇ ਕਿਹਾ ਹੈ ਕਿ ਇਹ ਆਗੂ ਪੰਜਾਬ 'ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਭਗਵੰਤ ਮਾਨ ਨੇ ਟਵੀਟ ਵਿਚ ਲਿਖਿਆ ਕਿ ''ਕੈਪਟਨ ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ ਜੋ ਅੱਜ ਕੱਲ੍ਹ ਭਾਜਪਾ 'ਚ ਨੇ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ 'ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ''
ਦੱਸ ਦਈਏ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਭਾਜਪਾ ਆਗੂ ਕੇਵਲ ਢਿੱਲੋਂ, ਕੈਪਟਨ ਅਮਰਿੰਦਰ ਸਿੰਘ ਅਤੇ ਫਤਹਿ ਜੰਗ ਬਾਜਵਾ ਨੇ ਕੀਤੀ ਹੈ। ਫਤਹਿ ਜੰਗ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਹਾਲਾਤ ਬਣ ਰਹੇ ਹਨ ਤੇ ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਤਾਂ ਮੈਨੂੰ ਲੱਗਦਾ ਹੈ ਕਿ ਸਾਰੀਆਂ ਧਿਰਾਂ ਨੂੰ ਇੱਕਜੁੱਟ ਹੋ ਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਸਹਿਮਤ ਹੋਣਾ ਚਾਹੀਦਾ ਹੈ, ਕਿਉਂਕਿ ਜੇਕਰ ਇੱਥੇ ਸਖ਼ਤੀ ਨਾ ਕੀਤੀ ਗਈ ਤਾਂ ਹਾਲਾਤ ਹੋਰ ਵਿਗੜ ਜਾਣਗੇ।
ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਵਿਗੜਦੀ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਕੇਂਦਰ ਨੂੰ ਪੰਜਾਬ ’ਚ ਦਖ਼ਲ ਦੇਣਾ ਚਾਹੀਦਾ ਹੈ ਤੇ ਰਾਸ਼ਟਰਪਤੀ ਰਾਜ ਲਾਉਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਪਵਿੱਤਰ ਗੁਰੂ ਗ੍ਰੰਥ ਸਾਹਿਬ ਨੂੰ ਪ੍ਰਦਰਸ਼ਨ ਵਾਲੀ ਥਾਂ 'ਤੇ ਲਿਜਾਣ ਦੇ ਮਕਸਦ ’ਤੇ ਬੋਲਦਿਆਂ ਕਿਹਾ ਸੀ
ਪੰਜਾਬ ’ਚ ਇਸ ਤਰ੍ਹਾਂ ਦੇ ਹਾਲਾਤ 1970-80 ’ਚ ਵੀ ਨਹੀਂ ਸਨ, ਇਸ ਤਰ੍ਹਾਂ ਪੰਜਾਬ ’ਚ ਪਹਿਲੀ ਵਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ, ਉਨ੍ਹਾਂ ਦੇ ਪਿੱਛੇ ਕੌਣ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਮਾਹੌਲ ਖਰਾਬ ਹੁੰਦਾ ਰਿਹਾ ਤਾਂ ਕੇਂਦਰ ਨੂੰ ਦਖਲ ਦੇ ਕੇ ਰਾਸ਼ਟਰਪਤੀ ਰਾਜ ਲਗਾਉਣਾ ਚਾਹੀਦਾ ਹੈ।