ਵਿਰੋਧੀਆਂ ਨੂੰ ਦਿੱਤੀ ਚੁਣੌਤੀ, ਕਿਹਾ- ਕਿਸੇ ਵੀ 'ਆਪ' ਵਿਧਾਇਕ ਜਾਂ ਮੰਤਰੀ ਦੇ ਗੈਂਗਸਟਰ ਤੇ ਮਾਫੀਆ ਨਾਲ ਜੁੜੇ ਹੋਣ ਦੇ ਸਬੂਤ ਪੇਸ਼ ਕਰੋ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਅਤੇ ਬੇਤੁੱਕੇ ਹਨ। ਉਨ੍ਹਾਂ ਦੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ 'ਚ ਬਣੇ ਰਹਿਣ ਲਈ ਉਹ ਅਕਸਰ ਅਜਿਹੇ ਬੇਬੁਨਿਆਦ ਦੋਸ਼ ਲਗਾਉਂਦੇ ਰਹਿੰਦੇ ਹਨ।
ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਰਿਆਂ ਨੀਲ ਗਰਗ ਅਤੇ ਰਮਨ ਚੰਦੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਿਹੜੇ ਲੋਕ ਖੁਦ ਅਪਰਾਧ, ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੜ੍ਹਾਵਾ ਦਿੰਦੇ ਹਨ, ਉਨ੍ਹਾਂ ਨੂੰ ਇਸ ‘ਤੇ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਬਿਕਰਮ ਮਜੀਠੀਆ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਕਾਲੀ ਦਲ ਦੀ ਸਰਕਾਰ ਨੇ ਖਰਾਬ ਕੀਤੀ ਹੈ। ਬਾਦਲ ਸਰਕਾਰ ਵੇਲੇ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅਕਾਲੀ ਦਲ ਦੇ ਇੱਕ ਗੁੰਡੇ ਨੇ ਅੰਮ੍ਰਿਤਸਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਧੀ ਦਾ ਕਤਲ ਕਰ ਦਿੱਤਾ ਸੀ। ਰੇਤ ਮਾਫੀਆ ਦਾ ਜਨਮ ਅਕਾਲੀ ਸਰਕਾਰ ਵੇਲੇ ਹੋਇਆ। ਬਾਦਲ ਪਰਿਵਾਰ ਅਤੇ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਅਪਰਾਧ, ਨਸ਼ਿਆਂ, ਮਾਫੀਆ ਅਤੇ ਗੈਂਗਵਾਰ ਦੀ ਰਾਜਧਾਨੀ ਬਣਾ ਦਿੱਤਾ।
ਹੁਣ ਮਾਨ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਮਾਫੀਆ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕੰਗ ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਕਿਸੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਾਂ ਮੰਤਰੀ ਦੇ ਗੈਂਗਸਟਰ ਜਾਂ ਮਾਫੀਆ ਨਾਲ ਜੁੜੇ ਹੋਣ ਦੇ ਸਬੂਤ ਪੇਸ਼ ਕਰਨ।
ਅਜਨਾਲਾ ਕਾਂਡ 'ਤੇ ਕੰਗ ਨੇ ਕਿਹਾ ਕਿ ਇਹ ਲੋਕ ਦੁਖੀ ਹਨ ਕਿ ਪੰਜਾਬ ਪੁਲਿਸ ਨੇ ਬੇਅਦਬੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਬਹੁਤ ਹੀ ਬਹਾਦਰੀ ਅਤੇ ਸਬਰ ਨਾਲ ਕੰਮ ਕੀਤਾ ਜੋ ਸ਼ਲਾਘਾਯੋਗ ਹੈ। ਸਾਡੇ ਜਵਾਨਾਂ ਨੇ ਖੁਦ ਸਰੀਰਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਕੇ ਪੰਜਾਬ ਨੂੰ ਅੱਗ ਤੋਂ ਬਚਾਇਆ। ਅੰਮ੍ਰਿਤਪਾਲ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਸ ਦਿਨ ਉਸ ਦੀ ਅਸਲੀਅਤ ਦਾ ਪਤਾ ਲੱਗ ਗਿਆ ਸੀ। ਹੁਣ ਲੋਕ ਕਦੇ ਵੀ ਉਸ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮਨੀਸ਼ ਸਿਸੋਦੀਆ 'ਤੇ ਕੰਗ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਸਾਰੇ ਮਾਮਲੇ ਫਰਜ਼ੀ ਹਨ। ਦਰਅਸਲ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰੇ ਹੋਏ ਹਨ, ਇਸੇ ਲਈ ਈਡੀ ਸੀਬੀਆਈ ਰਾਹੀਂ 'ਆਪ' ਆਗੂਆਂ ਨੂੰ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਮਨੀਸ਼ ਸਿਸੋਦੀਆ ਨੇ ਦਸ ਹਜ਼ਾਰ ਕਰੋੜ ਦਾ ਘਪਲਾ ਕੀਤਾ। ਘਪਲਾ ਹੋਇਆ ਤਾਂ ਸਾਲ ਭਰ ਇੰਨੇ ਛਾਪੇ, ਇੰਨੀਆਂ ਪੁੱਛ-ਪੜਤਾਲ ਬਾਅਦ ਵੀ ਕੁਝ ਪਤਾ ਕਿਉਂ ਨਹੀਂ ਲੱਗਾ?
ਪ੍ਰੈਸ ਕਾਨਫਰੰਸ ਵਿੱਚ ਮੌਜੂਦ ਨੀਲ ਗਰਗ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। ਜੇਕਰ ਮੋਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਇੰਨੀ ਫਿਕਰਮੰਦ ਹੈ ਤਾਂ ਅਡਾਨੀ ਖਿਲਾਫ ਈਡੀ-ਸੀਬੀਆਈ ਜਾਂਚ ਕਿਉਂ ਨਹੀਂ ਕਰ ਰਹੀ? ਮਨੀਸ਼ ਸਿਸੋਦੀਆ ਵਿਰੁੱਧ ਕਾਰਵਾਈ, ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਹੈ।