
ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ...
ਚੰਡੀਗੜ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਮਲੋਟ ਵਿੱਚ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਮੰਤਰੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਵਾਈ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਗਈ।
ਉਨਾਂ ਕਿਹਾ ਕਿ ਇਸ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਅਜਿਹੀਆਂ ਹਿੰਸਕ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗੀ। ਸ੍ਰੀ ਮਹਿੰਦਰਾ ਨੇ ਕਿਹਾ ਹਾਲਾਂਕਿ ਵਿਰੋਧ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ, ਪਰ ਅਜਿਹੀਆਂ ਘਟਨਾਵਾਂ ਸਿਰਫ਼ ਅੰਦੋਲਨ ਨੂੰ ਬਦਨਾਮ ਕਰਦੀਆਂ ਹਨ ਜੋ ਕਿ ਪੂਰੀ ਤਰਾਂ ਸ਼ਾਂਤਮਈ ਰਿਹਾ ਹੈੈ।
ਉਨਾਂ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਖੁਦ ਨੂੰ ਵੱਖ ਕਰ ਲੈਣ ਜੋ ਹਿੰਸਾ ਦਾ ਸਹਾਰਾ ਲੈਂਦੇ ਹਨ ਅਤੇ ਅੰਦੋਲਨ ਦਾ ਨਾਮ ਖ਼ਰਾਬ ਕਰਦੇ ਹਨ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਸ ਘਟਨਾ ਦਾ ਸਖਤ ਨੋਟਿਸ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਖਿਲਾਫ਼ ਮਾਮਲੇ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।