
ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਲਈ ਘਟੀਆ ਬੀਜ ਤੇ ਕੀਟਨਾਸ਼ਕ ਜ਼ਿੰਮੇਵਾਰ : ਭਗਵੰਤ ਮਾਨ
ਕਿਹਾ, ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ, ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ
ਮਾਨਸਾ, 26 ਮਾਰਚ (ਸੁਖਵੰਤ ਸਿੰਘ ਸਿੱਧੂ/ਬਹਾਦਰ ਖ਼ਾਨ) ਕੁਦਰਤੀ ਆਫ਼ਤ ਨਾਲ ਬਰਬਾਦ ਹੁੰਦੀਆਂ ਫ਼ਸਲਾਂ ਕਾਰਨ ਆਰਥਕ ਤੌਰ 'ਤੇ ਬੁਰੀ ਤਰ੍ਹਾਂ ਪ੍ਰਭਾਵਤ ਹੁੰਦੇ ਕਿਸਾਨਾਂ ਦੇ ਹਿਤ ਵਿਚ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਭਵਿੱਖ ਵਿਚ ਅਜਿਹੇ ਕਿਸੇ ਵੀ ਨੁਕਸਾਨ ਲਈ ਕਿਸਾਨਾਂ ਨੂੰ ਤੁਰਤ ਮੁਆਵਜ਼ਾ ਦੇ ਕੇ ਗਿਰਦਾਵਰੀ ਦੀ ਪ੍ਰਕਿਰਿਆ ਬਾਅਦ ਵਿਚ ਮੁਕੰਮਲ ਕੀਤੀ ਜਾਵੇਗੀ |
ਅੱਜ ਇਥੇ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੇ ਨਰਮੇ ਦੀ ਫ਼ਸਲ ਤੋਂ ਪ੍ਰਭਾਵਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਫ਼ਸਲਾਂ ਦੀ ਬਰਬਾਦੀ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਲੈਣ ਲਈ ਵੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ ਪੈਂਦਾ ਹੈ ਕਿਊਾਕਿ ਉਨ੍ਹਾਂ ਨੂੰ ਫ਼ਸਲ ਦੀ ਗਿਰਦਾਵਰੀ ਹੋਣ ਤੋਂ ਬਾਅਦ ਮੁਆਵਜ਼ਾ ਮਿਲਦਾ ਹੈ | ਦਿੱਲੀ ਦੀ ਆਪ ਸਰਕਾਰ ਵਲੋਂ ਪਹਿਲਾਂ ਹੀ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਜਿਥੇ ਕਿਸਾਨਾਂ ਨੂੰ ਕੁਦਰਤੀ ਆਫ਼ਤ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇ ਕੇ ਉਸ ਤੋਂ ਬਾਅਦ ਗਿਰਦਾਵਰੀ ਕੀਤੀ ਜਾਂਦੀ ਹੈ | ਪਿਛਲੇ ਸਮੇਂ ਦੌਰਾਨ ਮਾਲਵਾ ਪੱਟੀ ਵਿਚ ਚਿੱਟੀ ਅਤੇ ਗੁਲਾਬੀ ਸੁੰਡੀ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਨਰਮੇ ਦੀ
ਫ਼ਸਲ ਲਈ ਕਿਸਾਨਾਂ ਨੂੰ ਮੁਹਈਆ ਕਰਵਾਏ ਗਏ ਘਟੀਆ ਬੀਜ ਅਤੇ ਕੀਟਨਾਸ਼ਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਫ਼ਸਲਾਂ ਦੀ ਬਰਬਾਦੀ ਦੀ ਮੁਕੰਮਲ ਜਾਂਚ ਕਰਵਾ ਕੇ ਜ਼ੁੰਮੇਵਾਰੀ ਤੈਅ ਕਰਨ ਅਤੇ ਦੋਸ਼ੀਆਂ ਵਿਰੁਧ ਢੁਕਵੀਂ ਕਾਰਵਾਈ ਕਰਨ ਦਾ ਐਲਾਨ ਕੀਤਾ | ਮੁੱਖ ਮੰਤਰੀ ਨੇ ਅੱਜ ਜ਼ਿਲ੍ਹੇ ਦੇ 15 ਪ੍ਰਭਾਵਤ ਨਰਮਾ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਿਚ ਮਾਲਵੇ ਖੇਤਰ ਵਿਚ ਨਰਮੇ ਦੀ ਫ਼ਸਲ ਨੂੰ ਚਿੱਟੀ ਅਤੇ ਗੁਲਾਬੀ ਸੁੰਡੀ ਕਾਰਨ
ਹੋਏ ਨੁਕਸਾਨ ਲਈ ਕੁਦਰਤੀ ਆਫ਼ਤ ਨਹੀਂ ਸਗੋਂ ਕਿਸਾਨਾਂ ਨੂੰ ਘਟੀਆ ਬੀਜ ਅਤੇ ਸਪਰੇਆਂ
ਦੇਣ ਵਾਲੀਆਂ ਸਰਕਾਰਾਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਅਸਲੀ ਕੀਟਨਾਸ਼ਕ ਮੁਹਈਆ ਕਰਵਾਏ ਜਾਂਦੇ ਤਾਂ ਅੱਜ ਕਿਸਾਨ ਪ੍ਰਵਾਰ ਮੰਦਹਾਲੀ ਦੇ ਦੌਰ ਦੇ ਨਾ ਗੁਜ਼ਰਦੇ ਹੁੰਦੇ |
ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੇ ਮੁੱਖ ਮੰਤਰੀ ਦਾ ਮਾਨਸਾ ਪਹੁੰਚਣ ਉੱਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ 25 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਲੋਕ ਪੱਖੀ ਅਤੇ ਇਤਿਹਾਸਕ ਫ਼ੈਸਲੇ ਲੈਣੇ ਸ਼ੁਰੂ ਕਰ ਦਿਤੇ ਹਨ ਤਾਕਿ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਇਆ ਜਾ ਸਕੇ | ਮੁੱਖ ਮੰਤਰੀ ਨੇ ਅੱਜ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਜਿਨ੍ਹਾਂ ਵਿਚ ਅੱਕਾਂਵਾਲੀ ਦੇ ਜਸਵਿੰਦਰ ਸਿੰਘ, ਜੋਗਿੰਦਰ ਸਿੰਘ ਤੇ ਗੁਰਦੇਵ ਸਿੰਘ, ਪਿੰਡ ਭੰਮੇ ਦੇ ਮੇਜਰ ਸਿੰਘ ਤੇ ਜਸਵਿੰਦਰ ਸਿੰਘ, ਪਿੰਡ ਰਾਏਪੁਰ ਦੇ ਸਵਰਨਜੀਤ ਸਿੰਘ, ਬਲਵਿੰਦਰ ਸਿੰਘ ਤੇ ਚੰਦ ਸਿੰਘ, ਪਿੰਡ ਭੁਪਾਲ ਦੇ ਅਮਨਦੀਪ ਸਿੰਘ, ਦਰਸਨ ਸਿੰਘ ਤੇ ਜਸਵਿੰਦਰ ਕੌਰ ਅਤੇ ਮਾਨਸਾ ਤੋਂ ਗੁਰਵਿੰਦਰ ਸਿੰਘ ਤੇ ਹਰਪਾਲ ਸਿੰਘ ਸ਼ਾਮਲ ਹਨ | ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚਣ ਉੱਤੇ ਜ਼ਿਲ੍ਹਾ ਪੁਲਿਸ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ |
ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧ ਰਾਮ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ.ਐਸ.ਪੀ. ਦੀਪਕ ਪਾਰਿਕ ਮੌਜੂਦ ਸਨ |