
ਪੰਜਾਬ ਅਤੇ ਦਿੱਲੀ ਸਰਕਾਰ ਵਿਚਕਾਰ ਹੋਇਆ ਸਮਝੌਤਾ ਇਤਿਹਾਸਕ: ਕੰਗ
ਚੰਡੀਗੜ੍ਹ, 26 ਅਪ੍ਰੈਲ (ਸੁਰਜੀਤ ਸਿੰਘ ਸੱਤੀ): ਪੰਜਾਬ ਅਤੇ ਦਿੱਲੀ ਸਰਕਾਰਾਂ ਵਿਚਕਾਰ ਹੋਏ ਸਮਝੌਤੇ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸਕ ਕਰਾਰ ਦਿੰਦਿਆਂ ਇਸ ਨੂੰ ਪੰਜਾਬ ਦੇ ਸਿਖਿਆ ਅਤੇ ਡਾਕਟਰੀ ਖੇਤਰ 'ਚ ਵੱਡਾ ਸੁਧਾਰ ਕਰਨ ਵਾਲਾ ਕਦਮ ਦਸਿਆ ਹੈ | ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ 'ਨੌਲੇਜ਼ ਸ਼ੇਅਰ ਸਮਝੌਤਾ' ਪੰਜਾਬ ਅਤੇ ਦਿੱਲੀ ਦੇ ਲੋਕਾਂ ਲਈ ਲਾਭਦਾਇਕ ਹੋਵੇਗਾ | ਇਸ ਸਮਝੌਤੇ ਨਾਲ ਪੰਜਾਬ ਦੇ ਭਵਿੱਖ ਨੂੰ ਚੰਗਾ ਬਣਾਉਣ ਦੀ ਸ਼ੁਰੂਆਤ ਹੋਵੇਗੀ | ਪੰਜਾਬ ਦੇ ਭਵਿੱਖ ਚੰਗਾ ਬਣਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲਗਾਤਾਰ ਨਵੇਂ ਨਵੇਂ ਪ੍ਰਯੋਗ ਕਰ ਰਹੇ ਹਨ |
ਅਤੇ ਕਰਾਂਤੀਕਾਰੀ ਫ਼ੈਸਲੇ ਲੈ ਰਹੇ ਹਨ |
ਕੰਗ ਨੇ ਕਿਹਾ ਕਿ ਇਸ ਸਮਝੌਤੇ ਦਾ ਮਕਸਦ ਹੈ, ਦਿੱਲੀ ਦੀ ਤਰਜ 'ਤੇ ਪੰਜਾਬ ਦੀ ਸਿਖਿਆ ਅਤੇ ਇਲਾਜ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਖਿਆ ਅਤੇ ਇਲਾਜ ਸਮੇਤ ਹੋਰ ਸਹੂਲਤਾ ਪ੍ਰਦਾਨ ਕਰਨਾ ਹੈ | ਇਸ ਸਮਝੌਤੇ ਤੋਂ ਬਾਅਦ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਜ਼ਰੂਰੀ ਅਤੇ ਮਹੱਤਵਪੂਰਨ ਵਿਚਾਰਾਂ ਅਤੇ ਯੋਜਨਾਵਾਂ ਨੂੰ ਆਪਸ 'ਚ ਆਦਾਨ ਪ੍ਰਦਾਨ ਕਰਨਗੀਆਂ, ਜਿਸ ਨਾਲ ਸਰਕਾਰੀ ਸੇਵਾਵਾਂ ਅਤੇ ਕਲਿਆਣਕਾਰੀ ਯੋਜਨਾਵਾਂ ਨੂੰ ਕਾਫ਼ੀ ਉਤਸ਼ਾਹ ਮਿਲੇਗਾ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ | ਪੰਜਾਬ ਦੇ ਚੰਗੇ ਮਾਡਲ ਨਾਲ ਦਿੱਲੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਦਿੱਲੀ ਦੀਆਂ ਚੰਗੀ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ | ਵਿਰੋਧੀ ਪਾਰਟੀਆਂ ਵੱਲੋਂ ਇਸ ਸਮਝੌਤੇ 'ਤੇ ਸਵਾਲ ਖੜੇ ਕਰਨ ਬਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਸਾਹਮਣੇ ਗ਼ਲਤ ਦਸਤਾਵੇਜ਼ ਪੇਸ਼ ਕੀਤੇ ਹਨ | ਉਨ੍ਹਾਂ ਬਾਦਲ ਪ੍ਰਵਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਜਾਣ ਲਈ ਮਜਬੂਰ ਕੀਤਾ, ਨੌਜਵਾਨਾਂ ਦਾ ਭਵਿੱਖ ਅੰਧਕਾਰ 'ਚ ਡੋਬਿਆ ਹੈ ਅਤੇ ਉਨ੍ਹਾਂ ਨੂੰ ਨਸ਼ੇ ਦੇ ਜਾਲ ਵਿਚ ਫਸਾਇਆ, ਅੱਜ ਉਹ ਲੋਕ ਪੰਜਾਬ ਸਰਕਾਰ ਦੇ ਚੰਗੇ ਫ਼ੈਸਲੇ 'ਤੇ ਸਵਾਲ ਚੁਕ ਰਹੇ ਹਨ | ਬਾਦਲ ਪ੍ਰਵਾਰ ਨੂੰ ਇਸ ਮਾਮਲੇ 'ਚ ਬੋਲਣ ਦਾ ਕੋਈ ਨੈਤਿਕ ਹੱਕ ਨਹੀਂ ਹੈ |