
ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ
ਜਲੰਧਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਪ੍ਰਕਿਰਿਆ ਚੱਲ ਰਹੀ ਹੈ, ਜਿਸ ਸਦਕਾ ਕਿਸਾਨਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਲਗਾਤਾਰ ਸਬੰਧਿਤ ਅਧਿਕਾਰੀਆਂ ਕੋਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਅੱਜ ਕੀਤੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਰ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ, ਲਿਫਟਿੰਗ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ 761 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 3,47,244 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 3,43,596 ਮੀਟਰਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ 23 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਪਿੰਡ ਜਮਾਲਪੁਰ ਤੋਂ ਕਿਸਾਨ ਗੁਰਚਰਨ ਸਿੰਘ ਘੁੰਮਣ ਪੁੱਤਰ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਵਲੋਂ ਬੀਤੇ ਦਿਨ ਮੰਡੀ ਵਿੱਚ ਕਣਕ ਲਿਆਂਦੀ ਗਈ ਸੀ ਅਤੇ ਬਿਨ੍ਹਾਂ ਕਿਸੇ ਦਿੱਕਤ ਦੇ ਸਮੇਂ-ਸਿਰ ਕਣਕ ਦੀ ਤੁਲਾਈ ਉਪਰੰਤ ਅੱਜ ਅਦਾਇਗੀ ਹੋ ਗਈ।
ਪਿੰਡ ਸੇਹਮ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੀ ਕਣਕ ਦੀ ਫ਼ਸਲ ਦਾਣਾ ਮੰਡੀ ਪ੍ਰਤਾਪਪੁਰਾ ਵਿਖੇ ਵੇਚਣ ਲਈ ਲੈ ਕੇ ਆਇਆ ਸੀ ਅਤੇ ਉਸ ਦੀ ਕਣਕ ਮਾਰਕਫੈਡ ਖ਼ਰੀਦ ਏਜੰਸੀ ਵਲੋਂ 2425 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਕਰ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪੀਣ ਲਈ ਪਾਣੀ, ਸਾਫ਼ ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਬਹੁਤ ਹੀ ਵਧੀਆ ਢੰਗ ਨਾਲ ਕੀਤੇ ਗਏ ਹਨ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ।
ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਕਿਸਾਨ ਬਲਵਿੰਦਰ ਸਿੰਘ ਅਤੇ ਪਿੰਡ ਗੁੰਮਟਾਲੀ ਦੇ ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਲਿਆਉਣ ਉਪਰੰਤ ਤੁਰੰਤ ਤੁਲਵਾਈ ਤੋਂ ਬਾਅਦ ਦੂਸਰੇ ਦਿਨ ਬੈਂਕ ਖਾਤੇ ਵਿੱਚ ਅਦਾਇਗੀ ਪ੍ਰਾਪਤ ਹੋ ਗਈ ਹੈ। ਪਿੰਡ ਰਾਮਾ ਦੇ ਕਿਸਾਨ ਜੁਝਾਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਬਿਲਗਾ ਮੰਡੀ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਲੈ ਕੇ ਆਇਆ ਸੀ। ਉਨ੍ਹਾਂ ਵੀ ਕਣਕ ਦੀ ਖਰੀਦ ਉਪਰੰਤ ਅਗਲੇ ਦਿਨ ਹੀ ਅਦਾਇਗੀ ਹੋਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ।