
ਮੌਨਸੂਨ ਤੋਂ ਪਹਿਲਾਂ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ: ਤ੍ਰਿਪਤ ਬਾਜਵਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ਼ ਕੁਦਰਤੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਿਭਾਗੀ ਅਧਿਕਾਰੀਆਂ ਨੂੰ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ 10 ਜੂਨ, 2021 ਤੱਕ ਇਹ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Punjab launches Smart Village campaign to clean ponds
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ 12,296 ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ 12,184 ਛੱਪੜਾਂ ਵਿਚੋਂ ਪਾਣੀ ਕੱਢਿਆ ਗਿਆ ਅਤੇ 6,332 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਸਾਲ ਇਹ ਕਾਰਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮੁਹਿੰਮ ਲਈ 90 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
Punjab launches Smart Village campaign to clean ponds
ਉਨ੍ਹਾਂ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਦੇ ਅਨੁਸਾਰ 5724 ਛੱਪੜਾਂ ਵਿੱਚੋਂ ਪਾਣੀ ਕੱਢਣ ਦੀ ਜ਼ਰੂਰਤ ਹੈ ਜਿਸ ਵਿਚੋਂ 1646 ਛੱਪੜਾਂ ਵਿੱਚ ਕੰਮ ਸ਼ੁਰੂ ਹੋ ਗਿਆ ਹੈ ਜਦਕਿ 746 ਛੱਪੜਾਂ ਵਿਚ ਇਹ ਕੰਮ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ 3847 ਛੱਪੜਾਂ ਵਿੱਚੋਂ ਗਾਰ ਕੱਢਣ ਦੀ ਵੀ ਜ਼ਰੂਰਤ ਹੈ ਜਿਨ੍ਹਾਂ ਵਿਚੋਂ 839 ਛੱਪੜਾਂ ਵਿਚ ਕੰਮ ਸ਼ੁਰੂ ਹੋ ਗਿਆ ਹੈ ਅਤੇ 172 ਛੱਪੜਾਂ ਵਿੱਚ ਇਹ ਕੰਮ ਮੁਕੰਮਲ ਹੋ ਗਿਆ ਹੈ।
Punjab launches Smart Village campaign to clean ponds
ਇਹ ਜ਼ਿਕਰ ਕਰਦਿਆਂ ਕਿ ਕੋਵਿਡ-19 ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦੌਰਾਨ ਇਹ ਮੁਹਿੰਮ ਪਿੰਡਾਂ ਦੇ ਗਰੀਬ ਲੋਕਾਂ ਲਈ ਆਪਣੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਆਮਦਨ ਦਾ ਮੁੱਖ ਸਰੋਤ ਰਹੀ ਹੈ, ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਰੁਜ਼ਗਾਰ ਦੇਣ ਲਈ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਹੁਣ ਤੱਕ 3,38,123 ਮਾਨਵੀ ਦਿਹਾੜੀਆਂ ਦਿੱਤੀਆਂ ਗਈਆਂ ਹਨ ਅਤੇ ਲਾਭਪਾਤਰੀਆਂ ਦੇ ਖਾਤਿਆ ਵਿੱਚ 8.58 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
Punjab launches Smart Village campaign to clean ponds
ਇਸ ਦੌਰਾਨ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਨਾਲ ਸਬੰਧਤ ਪ੍ਰਾਜੈਕਟ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੰਮ ਦੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਸਾਈਟਾਂ ਦਾ ਦੌਰਾ ਕੀਤਾ ਜਾ ਰਿਹਾ ਹੈ।