
ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਅੱਜ ਸਵੇਰੇ 5 ਜਣਿਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ...
ਪਟਿਆਲਾ: ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਅੱਜ ਸਵੇਰੇ 5 ਜਣਿਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਨ੍ਹਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਨਾਭਾ ਦੀ ਨਵੀਂ ਜੇਲ੍ਹ 'ਚ ਮਹਿੰਦਰਪਾਲ ਬਿੱਟੂ ਦੇ ਕਤਲ ਵਿਚ ਗ੍ਰਿਫਤਾਰ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ਬਾਅਦ ਅੱਜ ਪਟਿਆਲਾ ਦੇ ਸੀਨੀਅਰ ਜੱਜ ਗੁਰਬਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਨਾਭਾ ਦੀ ਅਤਿ ਸੁਰੁੱਖਿਆ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਜਸਪ੍ਰੀਤ ਸਿੰਘ ਨਿਆਲਾ ਨੂੰ ਵੀ ਪੇਸ਼ ਕੀਤਾ ਗਿਆ।
Mohinderpal Bittu
ਨਾਭਾ ਦੀ ਨਵੀਂ ਜੇਲ੍ਹ ਵਿਚ ਬੰਦ ਦੋ ਹੋਰ ਕੈਦੀਆਂ ਹਰਪ੍ਰੀਤ ਸਿੰਘ ਹੈਪੀ ਤੇ ਲਖਵਿੰਦਰ ਸਿੰਘ ਲੱਖਾ ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਤਫਤੀਸ਼ ਕੀਤੀ ਜਾ ਰਹੀ ਸੀ, ਹੁਣ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਕੇ ਅੱਜ ਪੇਸ਼ ਕੀਤਾ ਗਿਆ। ਇਨ੍ਹਾ ਸਾਰੇ ਮੁਲਜ਼ਮਾਂ ਨੂੰ ਸੀਨੀਅਰ ਜੱਜ ਗੁਰਵਿੰਦਰ ਸਿੰਘ ਜੌਹਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਅਦਾਲਤ ਵਲੋਂ ਦਿੱਤਾ ਗਿਆ। ਭਰੋਸੇਯੋਗ ਸੂਤਰਾਂ ਅਨੁਸਾਰ ਪੁਲਿਸ ਨੂੰ ਸੂਹ ਲੱਗੀ ਸੀ ਕਿ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਹੋਰਾਂ ਦੀ ਪੇਸ਼ੀ ਦੌਰਾਨ ਕੁਝ ਜਥੇਬੰਦੀਆਂ ਵੱਲੋਂ ਅਦਾਲਤ ਨੇੜੇ ਇਕੱਤਰਤਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
Arrested in the murder case of Mohinderpal Bittu
ਸੁਰੱਖਿਆ ਦੇ ਮੱਦੇਨਜ਼ਰ ਸੀਆਈਏ ਸਟਾਫ ਦੀ ਟੀਮ ਵੱਲੋਂ ਪੰਜੇ ਮੁਲਜ਼ਮਾਂ ਨੂੰ ਬਿਨਾਂ ਕਿਸੇ ਨੂੰ ਸੂਹ ਦਿੱਤੇ ਕਰੀਬ 9.15 ਵਜੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ। ਪੁਲਿਸ ਵੱਲੋਂ ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਸਵਖ਼ਤੇ ਪੇਸ਼ ਕਰਨ 'ਤੇ ਬਚਾਅ ਪੱਖ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਇਤਰਾਜ਼ ਜਤਾਇਆ ਹੈ।
Arrested in the murder case of Mohinderpal Bittu
ਵਕੀਲ ਬਰਜਿੰਦਰ ਸਿੰਘ ਸੋਢੀ ਨੇ ਕਿਹਾ ਕਿ ਪੁਲੀਸ ਵੱਲੋਂ ਪੇਸ਼ ਕਰਨ ਸਬੰਧੀ ਕੋਈ ਸੂਚਨਾ ਨਹੀਂ ਦਿੱਤੀ ਗਈ, ਜਦੋਂ ਕਿ ਉਹ ਖੁਦ ਅਤੇ ਮਨਿੰਦਰ ਦਾ ਪਰਿਵਾਰ ਉਨ੍ਹਾਂ ਦਾ ਇੰਤਜ਼ਾਰ ਕਰਦਾ ਰਿਹਾ ਹੈ। ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਬਚਾਅ ਪੱਖ ਵੱਲੋਂ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਪੁਲਸ ਵੱਲੋਂ ਸਵਖ਼ਤੇ ਹੀ ਅਦਾਲਤ ਵਿਚ ਪੇਸ਼ੀ ਭੁਗਤ ਲਈ ਹੈ, ਜੋ ਕਿ ਸਰਾਸਰ ਗ਼ਲਤ ਹੈ।