
ਭਾਰੀ ਪੁਲਸ ਰੋਕਾਂ ਦੇ ਬਾਵਜੂਦ ਵਿਧਾਇਕ ਬੈਂਸ ਭਰਾ ਅੱਜ ਬਾਅਦ ਦੁਪਹਿਰ ਤਪਦੀ ਧੁੱਪ ਵਿਚ ਸਾਈਕਲ ਦੇ ਪੈਡਲ
ਚੰਡੀਗੜ੍ਹ, 26 ਜੂਨ (ਗੁਰਉਪਦੇਸ਼ ਭੁੱਲਰ) : ਭਾਰੀ ਪੁਲਸ ਰੋਕਾਂ ਦੇ ਬਾਵਜੂਦ ਵਿਧਾਇਕ ਬੈਂਸ ਭਰਾ ਅੱਜ ਬਾਅਦ ਦੁਪਹਿਰ ਤਪਦੀ ਧੁੱਪ ਵਿਚ ਸਾਈਕਲ ਦੇ ਪੈਡਲ ਮਾਰਦਿਆਂ ਚੰਡੀਗੜ੍ਹ ਵਿਚ ਦਾਖ਼ਲ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਤਕ ਪਹੁੰਚ ਗਏ। ਉਨ੍ਹਾਂ ਨੂੰ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨੇ ਮੋਹਾਲੀ 'ਚ ਰੋਕਣ ਦਾ ਯਤਨ ਕੀਤਾ ਪਰ ਉਨ੍ਹਾਂ ਵਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਚੇਤਾਵਨੀ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨਾਲ ਸੰਪਰਕ ਕਰ ਕੇ ਅੱਗੇ ਵਧਣ ਦਿਤਾ ਗਿਆ। ਮੁੱਖ ਮੰਤਰੀ ਦੀ ਚੰਡੀਗੜ੍ਹ ਕੋਠੀ ਪਹੁੰਚ ਕੇ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿਚ ਓ.ਐਸ.ਡੀ. ਨੂੰ ਮੰਗ ਪੱਤਰ ਸੌਂਪਿਆ। ਇਸ ਵਿਚ ਕੇਂਦਰੀ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ਮਸਲੇ ਦਾ ਹੱਲ ਨਹੀਂ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਬੈਂਸ ਭਰਾਵਾਂ ਸਿਮਰਨਜੀਤ ਸਿੰਘ ਬੈਂਯ ਅਤੇ ਬਲਵਿੰਦਰ ਸਿੰਘ ਬੈਂਸ ਦੀ ਛੇਤੀ ਹੀ ਮੁੱਖ ਮੰਤਰੀ ਨਾਲ ਗੱਲਬਾਤ ਕਰਵਾਉਣ ਦਾ ਵੀ ਭਰੋਸਾ ਦਿਤਾ ਗਿਆ।