
ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਕੀਤਾ ਵੱਡਾ ਫ਼ੈਸਲਾ
ਹਰਚਰਨ ਸਿੰਘ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ, ਡਾ. ਰੂਪ ਸਿੰਘ ਦਾ ਅਸਤੀਫ਼ਾ ਪ੍ਰਵਾਨ
ਅੰਮ੍ਰਿਤਸਰ, 27 ਅਗੱਸਤ (ਪਰਮਿੰਦਰਜੀਤ): ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿਚ ਸ਼੍ਰੋੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਅਪਣੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਕਮੇਟੀ ਦੇ ਮੌਜੂਦਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਅੱਜ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸਵੀਕਾਰ ਕਰ ਲਿਆ।
ਅੰਤ੍ਰਿੰਗ ਕਮੇਟੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਰੀਪੋਰਟ 'ਤੇ ਗੰਭੀਰਤਾ ਨਾਲ ਵਿਚਾਰ ਮਗਰੋਂ ਰੀਪੋਰਟ ਵਿਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਕਰਮਚਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਹੈ।
ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁੱਝ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਿਜੀ ਲਾਲਸਾ, ਬੇਈਮਾਨੀ ਤੇ ਮਿਲੀਭੁਗਤ ਨਾਲ ਸਮੁੱਚੀ ਸੰਸਥਾ ਅਤੇ ਸਿੱਖ ਕੌਮ ਨੂੰ ਵੱਡੀ ਨਮੋਸ਼ੀ ਦੇ ਸਾਹਮਣੇ ਕੀਤਾ ਜਿਸ ਕਾਰimageਨ ਡੂੰਘੀ ਮਾਨਸਕ ਪੀੜਾ ਵਿਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਬੇਹੱਦ ਅਫ਼ਸੋਸ ਹੈ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਅਤੇ ਵੰਡਣ ਦੀ ਸੇਵਾ ਦੀਆਂ ਵੱਡੀਆਂ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ, ਉਨ੍ਹਾਂ ਨੇ ਇਸ ਜ਼ੁੰਮੇਵਾਰੀ ਵਿਚ ਵੱਡੀਆਂ ਕੁਤਾਹੀਆਂ ਹੀ ਨਹੀਂ ਕੀਤੀਆਂ, ਸਗੋਂ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਮਾਫ਼ ਨਹੀਂ ਕੀਤਾ ਜਾ ਸਕਦਾ।
ਭਾਈ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਰਬਸੰਮਤੀ ਨਾਲ ਜਾਂਚ ਰੀਪੋਰਟ ਪ੍ਰਵਾਨ ਕਰਨ ਮਗਰੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ ਜਿਸ ਅਨੁਸਾਰ ਇਸ ਮਾਮਲੇ ਤੇ ਪਹਿਲੇ ਤੋਂ ਹੀ ਮੁੱਖ ਜ਼ਿੰਮੇਵਾਰ ਮੰਨੇ ਜਾਦੇ ਸ. ਕੰਵਲਜੀਤ ਸਿੰਘ ਸੀ.ਜੀ.ਐੱਲ. ਸਹਾਇਕ ਸੁਪਰਵਾਈਜ਼ਰ ਜੋ ਪਹਿਲਾਂ ਸੇਵਾਮੁਕਤ ਹੋ ਚੁੱਕਾ ਹੈ, ਦੇ ਫ਼ੰਡ ਰੀਲੀਜ਼ ਕਰਨ 'ਤੇ ਰੋਕ ਲਗਾਈ ਜਾਂਦੀ ਹੈ, ਤਾਂ ਜੋ ਬਣਦੀ ਰਿਕਵਰੀ ਕੀਤੀ ਜਾ ਸਕੇ। ਉਸ 'ਤੇ ਰਿਕਾਰਡ ਵਿਚ ਹੇਰਾ-ਫੇਰੀ, ਖ਼ੁਰਦ-ਬੁਰਦ ਕਰਨ ਅਤੇ ਧੋਖਾਧੜੀ ਦਾ ਫ਼ੌਜਦਾਰੀ ਪਰਚਾ ਵੀ ਦਰਜ ਕਰਵਾਇਆ ਜਾਵੇਗਾ। ਸ. ਬਾਜ ਸਿੰਘ ਕਲਰਕ, ਸ. ਗੁਰਬਚਨ ਸਿੰਘ ਮੀਤ ਸਕੱਤਰ ਨੂੰ ਤੁਰਤ ਮੁਅੱਤਲ ਕੀਤਾ ਜਾਂਦਾ ਹੈ। ਸ. ਦਲਬੀਰ ਸਿੰਘ ਹੈਲਪਰ ਨੂੰ ਮੁਅੱਤਲ ਕਰਦਿਆਂ ਇਸ ਉਪਰ ਵੀ ਉਪਰੋਕਤ ਤਿੰਨਾਂ ਸਮੇਤ ਫ਼ੌਜਦਾਰੀ ਪਰਚਾ ਦਰਜ ਕਰਵਾਇਆ ਜਾਵੇਗਾ। ਸ. ਕੁਲਵੰਤ ਸਿੰਘ ਜਿਲਦਸਾਜ਼ ਤੇ ਸ. ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਤੁਰਤ ਰੱੱਦ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਨੂੰ ਬਲੈਕ ਲਿਸਟ ਕੀਤਾ ਜਾਂਦਾ ਹੈ। ਸ. ਸਤਿੰਦਰ ਸਿੰਘ ਮੀਤ ਸਕੱਤਰ ਫ਼ਾਇਨਾਂਸ, ਸ. ਨਿਸ਼ਾਨ ਸਿੰਘ ਮੀਤ ਸਕੱਤਰ ਨੂੰ ਮੁਅੱਤਲ ਕੀਤਾ ਜਾਂਦਾ ਹੈ। ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਤੁਰਤ ਮੁਅੱਤਲ ਕੀਤਾ ਜਾਂਦਾ ਹੈ ਅਤੇ ਅਗਲੇਰੀ ਵਿਭਾਗੀ ਕਰਵਾਈ ਕੀਤੀ ਜਾਵੇਗੀ। ਡਾ. ਰੂਪ ਸਿੰਘ ਮੁੱਖ ਸਕੱਤਰ ਵਲੋਂ ਪਹਿਲਾਂ ਹੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ ਪ੍ਰਵਾਨ ਕੀਤਾ ਜਾਂਦਾ ਹੈ। ਸ. ਗੁਰਮੁਖ ਸਿੰਘ ਸੁਪਰਵਾਈਜ਼ਰ ਪਬਲੀਕੇਸ਼ਨ ਨੂੰ ਮੁਅੱਤਲ ਕੀਤਾ ਜਾਂਦਾ ਹੈ।
ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਜੋ ਅਹੁਦੇ ਦੀਆਂ ਜ਼ੁੰਮੇਵਾਰੀਆਂ ਨਿਭਾਉਣ ਵਿਚ ਅਸਮਰੱਥ ਰਹੇ ਦਾ ਹੇਠਲੇ ਕਰਮਚਾਰੀਆਂ ਵਲੋਂ ਰਿਕਾਰਡ ਵਿਚ ਤੋੜ-ਮਰੋੜ ਕਰਨ ਬਾਰੇ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਮੁਲਾਜ਼ਮਾਂ ਨਾਲ ਮਿਲੀਭੁਗਤ ਦਾ ਸੰਕੇਤ ਦਿੰਦਾ ਹੈ। ਸੰਸਥਾ ਦਾ ਮੁੱਖ ਪ੍ਰਸ਼ਾਸਕ ਹੋਣ ਕਰ ਕੇ ਇਹ ਜ਼ੁੰਮੇਵਾਰ ਹੈ ਅਤੇ ਇਸ ਵਿਰੁਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ. ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਂਟੈਂਟ ਐਸ.ਐਸ. ਕੋਹਲੀ ਐਂਡ ਐਸੋਸੀਏਟਸ ਦੀਆਂ ਸੇਵਾਵਾਂ ਤੁਰਤ ਖ਼ਤਮ ਕੀਤੀਆਂ ਜਾਂਦੀਆਂ ਹਨ ਅਤੇ ਜਾਂਚ ਕਮਿਸ਼ਨ ਵਲੋਂ ਇਸ ਵਿਰੁਧ ਦਿਤੀ ਰੀਪੋਰਟ ਅਨੁਸਾਰ ਇਸ ਪਾਸੋਂ 75 ਫ਼ੀ ਸਦੀ ਰਿਕਵਰੀ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ. ਜੁਝਾਰ ਸਿੰਘ ਸਹਾਇਕ ਅਕਾਊਂਟੈਂਟ ਨੂੰ ਮੁਅੱਤਲ ਕੀਤਾ ਜਾਂਦਾ ਹੈ, ਸ. ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਤੁਰੰਤ ਖ਼ਤਮ ਕੀਤੀਆਂ ਜਾਂਦੀਆਂ ਹਨ। ਸ. ਪਰਮਦੀਪ ਸਿੰਘ ਇੰਚਾਰਜ ਨੂੰ ਤੁਰਤ ਮੁਅੱਤਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸ. ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਵਿਚ ਸਬ-ਕਮੇਟੀ ਕਾਇਮ ਕੀਤੀ ਗਈ ਹੈ, ਜੋ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦਾ ਕਾਰਜ ਕਰੇਗੀ। ਅੰਤ੍ਰਿੰਗ ਕਮੇਟੀ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਭੁਪਿੰਦਰ ਸਿੰਘ ਅਸੰਧ ਆਦਿ ਮੌਜੂਦ ਸਨ।