
ਤਿੰਨ ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਸੱਦਿਆ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਵਿਚ 15 ਫ਼ੀ ਸਦੀ ਵਾਧੇ ਨੂੰ ਪ੍ਰਵਾਨਗੀ
ਚੰਡੀਗੜ੍ਹ, 26 ਅਗੱਸਤ (ਭੁੱਲਰ): ਪੰਜਾਬ ਕੈਬਨਿਟ ਦੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਰਚੂਅਲ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ
ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਵਿਚ 15 ਫ਼ੀ ਸਦੀ ਵਾਧੇ ਦੀ ਪ੍ਰਵਾਨਗੀ ਦੇ ਦਿਤੀ ਹੈ। ਮੁਲਾਜ਼ਮ 20 ਫ਼ੀ ਸਦੀ ਵਾਧੇ ਦੀ ਮੰਗ ਕਰ ਰਹੇ ਸਨ। ਮੁਲਾਜ਼ਮਾਂ ਦੇ ਬੰਦ ਕੀਤੇ ਕਈ ਭੱਤੇ ਬਹਾਲ ਕਰ ਦਿਤੇ ਹਨ। ਇਨ੍ਹਾਂ ਵਿਚ ਮੋਬਾਇਲ ਭੱਤਾ, ਆਵਾਜਾਈ ਭੱਤਾ ਅਤੇ ਐਲ.ਪੀ.ਏ. ਸ਼ਾਮਲ ਹਨ। 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪਹਿਲੀ ਜੁਲਾਈ ਤੋਂ ਲਾਗੂ ਕੀਤੀਆਂ ਗਈਆਂ ਹਨ। ਹੁਣ ਸਿਫ਼ਾਰਸ਼ਾਂ ਵਿਚ ਸੋਧ ਕਰ ਕੇ 1500 ਕਰੋੜ ਰੁਪਏ ਦਾ ਹੋਰ ਲਾਭ ਦਿਤਾ ਗਿਆ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿਤਾ ਕਿ ਹੁਣ ਜਿਹੜਾ ਮੁਲਾਜ਼ਮ ਅੰਦੋਲਨ ਕਰੇਗਾ, ਉਸ ਵਿਰੁਧ ਨਿਯਮਾਂ ਮੁਤਾਬਕ ਕਾਰਵਾਈ ਹੋਵੇਗੀ।
ਮੀਟਿੰਗ ਵਿਚ ਕੀਤੇ ਇਕ ਹੋਰ ਫ਼ੈਸਲੇ ਵਿਚ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇ੍ਹ ਸਮੇਂ ਦੀ ਮੁਫ਼ਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿਚ ਵਾਧੇ ’ਚ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿਤੀ ਹੈ। ਕੈਬਨਿਟ ਵਲੋਂ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ ਦੇ ਆਧਾਰ ’ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਪਾਇਲਟ ਪ੍ਰਾਜੈਕਟ ਤਹਿਤ 30,000 ਲਾਭਪਾਤਰੀਆਂ ਨੂੰ ਮਦਦ ਦੇਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ।
ਪੰਜਾਬ ਕੈਬਨਿਟ ਨੇ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ਼.ਸੀ.) ਅਤੇ ਪੰਜਾਬ ਪਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫ਼ਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿਤੀ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫ਼ੈਸਲੇ ਅਤੇ ਹਾਲ ਹੀ ਦੌਰਾਨ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿਤੀ ਕਰਜ਼ਾ ਰਾਹਤ ਦੀ ਸ਼ਲਾਘਾ ਕੀਤੀ। ਇਸ ਫ਼ੈਸਲੇ ਤਹਿਤ ਕੁਲ ਮਿਲਾ ਕੇ 62.46 ਕਰੋੜ ਰੁਪਏ ਰਕਮ ਦੀ ਕਰਜ਼ਾ ਰਾਹਤ ਦਿਤੀ ਗਈ ਹੈ ਜੋ ਕਿ 31 ਮਾਰਚ, 2021 ਤਕ ਦਿਤੇ ਗਏ ਕਰਜ਼ਿਆਂ ’ਤੇ ਲਾਗੂ ਹੋਵੇਗੀ ਅਤੇ ਮਾਫ਼ ਕੀਤੀ ਗਈ ਕਰਜ਼ਾ ਰਕਮ 30 ਜੂਨ, 2021 ਨੂੰ ਨਿਰਧਾਰਤ ਕੀਤੀ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਕਰਨ ਲਈ ਪੰਜਾਬ ਮੰਤਰੀ ਮੰਡਲ ਵਲੋਂ ਅੱਜ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ ਮੈਟਿ੍ਰਕ ਤੋਂ ਵਧਾ ਕੇ ਗਰੈਜੂਏਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿਚ ਪਸ਼ੂ ਸਿਹਤ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਪਹਿਲਾਂ ਹੀ ਠੇਕੇ ਦੇ ਅਧਾਰ ’ਤੇ ਕੰਮ ਕਰ ਰਹੇ ਸਰਵਿਸ ਪ੍ਰੋਵਾਈਡਰਾਂ (497 ਵੈਟਰਨਰੀ ਫ਼ਾਰਮਾਸਿਸਟ ਅਤੇ 498 ਦਰਜਾ-4/ਸਫ਼ਾਈ ਸੇਵਕਾਂ) ਦੀਆਂ ਸੇਵਾਵਾਂ ਨੂੰ ਦੋ ਸਾਲਾਂ ਦੇ ਸਮੇਂ ਭਾਵ 1 ਅਪਰੈਲ, 2020 ਤੋਂ 31 ਮਾਰਚ, 2022 ਲਈ ਆਰਜ਼ੀ ਪ੍ਰਬੰਧਨ ਦੇ ਰੂਪ ਵਿਚ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿਤੀ ਹੈ।
ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁੱਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਬੁਆਏਲਰ ਲਗਾਉਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।
ਮੰਤਰੀ ਮੰਡਲ ਨੇ ਇਕ ਮਹੱਤਵਪੂਰਨ ਫ਼ੈਸਲੇ ਵਿਚ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਚਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ/ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਕਾਰਜ ਬਾਅਦ ਪ੍ਰਵਾਨਗੀ ਦੇ ਦਿਤੀ।
ਡੱਬੀ
ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਾਲ ਹੀ ਵਿਚ ਹੋਈਆਂ ਟੋਕੀਉ ਉਲੰਪਿਕ ਖੇਡਾਂ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਵੀਰਵਾਰ ਨੂੰ ਨਿਯਮਾਂ ਵਿਚ ਸੋਧ ਕਰਨ ਦਾ ਫ਼ੈਸਲਾ ਕੀਤਾ। ਪੰਜਾਬ ਖਿਡਾਰੀ ਭਰਤੀ ਨਿਯਮ, 1988 ਦੇ ਨਿਯਮ 3 ਵਿਚ ਸੋਧ ਕਰਦਿਆਂ ਇਸ ਵਿਚ ਨਿਯਮ 3 ਏ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੇ ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿਚ ਭਰਤੀ ਕੀਤੇ ਜਾਣਗੇ।