
Punjab News: There was a fire inside Gurdwara Sahib
ਅਟਾਰੀ: ਭਾਰਤ - ਪਾਕਿਸਤਾਨ ਸਰਹੱਦ ਉੱਤੇ ਸਥਿਤ ਕਸਬਾ ਅਟਾਰੀ ਵਿੱਚ ਸਿੰਘ ਸਭਾ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਹੋਣ ਕਰਕੇ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀ ਲਪੇਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨੀ ਭੇਟ ਹੋ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।
ਇਸ ਮੌਕੇ ਸਿੱਖ ਜਥੇਬੰਦੀਆ ਦੇ ਆਗੂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ। ਉਥੇ ਹੀ ਮੌਕੇ ਪੁਲਿਸ ਅਧਿਕਾਰੀ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।