
Gurdaspur News : ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ
Gurdaspur News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”
ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਜਦਕਿ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਮੌਜੂਦ ਰਹੇਗਾ।
ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਪਾਸੋਂ ਪਾਣੀ ਦੇ ਪੱਧਰ ਅਤੇ ਰਾਹਤ ਕਾਰਜਾਂ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਆਪਣਾ ਫਰਜ਼ ਸਮਝਦੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਵਿਅਕਤੀ ਤੱਕ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਇਲਾਕਿਆਂ ਵਿੱਚ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਮਦਦ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਵਧਦੇ ਪੱਧਰ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਆਖਿਆ ਹੈ ਤਾਂ ਕਿ ਲੋਕਾਂ ਨੂੰ ਮਦਦ ਮਿਲ ਸਕੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦੀ ਪੂਰੀ ਭਰਪਾਈ ਲਈ ਲੋਕਾਂ ਨੂੰ ਫਸਲ, ਪਸ਼ੂ, ਘਰ ਅਤੇ ਹੋਰ ਵਸਤਾਂ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉੱਥੇ ਹੋਏ ਨੁਕਸਾਨ ਦਾ ਪਤਾ ਲਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ।
(For more news apart from CM deploys Punjab govt helicopter rescue and relief operations,Visits flood-affected areas with cabinet colleagues News in Punjabi, stay tuned to Rozana Spokesman)