
ਖੱਟਰ ਸਰਕਾਰ ਕਿਸਾਨਾਂ ਨੂੰ ਕਿਉਂ ਰੋਕ ਰਹੀ ਹੈ? : ਕੈਪਟਨ ਅਮਰਿੰਦਰ ਸਿੰਘ
ਤਾਕਤ ਦੀ ਵਰਤੋਂ ਗ਼ੈਰ-ਜਮਹੂਰੀ ਅਤੇ ਗ਼ੈਰ-ਸੰਵਿਧਾਨਕ ਕਰਾਰ
ਚੰਡੀਗੜ੍ਹ, 26 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਨੂੰਨਾਂ ਵਿਰੁਧ ਰੋਸ ਪ੍ਰਗਟਾਉਣ ਲਈ ਦਿੱਲੀ ਵਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ 'ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿਤੀ।
ਮਨੋਹਰ ਲਾਲ ਖੱਟਰ ਸਰਕਾਰ ਨੂੰ ਦਿੱਲੀ ਵਿਚ ਸ਼ਾਂਤਮਈ ਢੰਗ ਨਾਲ ਅਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ 'ਤੇ ਸਵਾਲ ਉਠਾਇਆ। ਮੁੱਖ ਮੰਤਰੀ ਨੇ ਕਿਹਾ ਕਿ ਖੱਟਰ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?'' ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗ਼ੈਰ-ਜਮਹੂਰੀ ਅਤੇ ਗ਼ੈਰ-ਸੰਵਿਧਾਨਕ ਹੈ, ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।
ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲਿਸ ਵਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਅਤੇ ਬਹੁਤ ਥਾਵਾਂ 'ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇਥੋਂ ਤਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ।
ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਤਾਕਤ ਦੀ ਵਰਤੋਂimage ਕਰ ਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?''