
ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ਨੀਵਾਰ ਨੂੰ ਬਰਨਾਲਾ ਪਹੁੰਚੇ
ਬਰਨਾਲਾ: ਬੇਰੁਜ਼ਗਾਰ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਸ਼ਨੀਵਾਰ ਦੁਪਹਿਰ ਪੰਜਾਬ ਦੇ ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇਅ ’ਤੇ ਬੈਠ ਗਏ। ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ।
PHOTO
ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ਨੀਵਾਰ ਨੂੰ ਬਰਨਾਲਾ ਪਹੁੰਚੇ। ਇੱਥੇ ਬਰਨਾਲਾ, ਤਪਾ ਅਤੇ ਮਹਿਲਕਲਾਂ ਵਿੱਚ ਮੁੱਖ ਮੰਤਰੀ ਦੇ ਤਿੰਨ ਪ੍ਰੋਗਰਾਮ ਸਨ। ਪੰਜਾਬ 'ਚ ਮੰਗਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ-ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਸ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਅਤੇ ਐਨਐਚਐਮ ਮੁਲਾਜ਼ਮਾਂ ਨੇ ਤਿੰਨੋਂ ਥਾਵਾਂ ’ਤੇ ਚੰਨੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
PHOTO
ਮਹਿਲ ਕਲਾਂ ਵਿੱਚ ਮੁੱਖ ਮੰਤਰੀ ਦਾ ਪ੍ਰੋਗਰਾਮ ਅਨਾਜ ਮੰਡੀ ਵਿੱਚ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਉਥੋਂ 100 ਮੀਟਰ ਦੀ ਦੂਰੀ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਰਨਾਲਾ ਵਿੱਚ ਸਵੇਰੇ 11 ਵਜੇ ਤੋਂ ਹੀ ਬੇਰੁਜ਼ਗਾਰ ਅਧਿਆਪਕ, ਐਨਐਚਐਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਜਾਮ ਲਗਾ ਕੇ ਬੈਠ ਗਏ। ਧਰਨਾਕਾਰੀਆਂ ਵਲੋਂ ਹਾਈਵੇਅ ’ਤੇ ਬੈਠ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਕਾਰਨ ਹਾਈਵੇ ’ਤੇ ਲੰਮਾ ਜਾਮ ਲੱਗ ਗਿਆ। ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਪੁਲਿਸ ਪ੍ਰਸ਼ਾਸਨ ਨੂੰ ਆਵਾਜਾਈ ਮੋੜਨੀ ਪਈ।
PHOTO
ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣਾ ਸ਼ੁਰੂ ਕੀਤਾ ਤਾਂ ਉਹ ਸੜਕ ’ਤੇ ਹੀ ਲੇਟ ਗਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਦੀ ਕਈ ਵਾਰ ਝੜਪ ਅਤੇ ਹੱਥੋਪਾਈ ਹੋਈ। ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹੱਥਾਂ-ਪੈਰਾਂ ਨਾਲ ਚੁੱਕ ਕੇ ਪਾਸੇ ਕਰ ਦਿੱਤਾ। ਇਸ ਦੌਰਾਨ ਹੱਥੋਪਾਈ ਵਿੱਚ ਕਈ ਲੋਕਾਂ ਦੀਆਂ ਪੱਗਾਂ ਉਤਰ ਗਈਆਂ।
PHOTO
ਪ੍ਰਦਰਸ਼ਨਕਾਰੀਆਂ ਨੇ ਇੱਕ ਦੂਜੇ ਦੇ ਹੱਥ ਫੜ ਕੇ ਮਨੁੱਖੀ ਚੇਨ ਬਣਾਈ ਤਾਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਨੂੰ ਸੜਕ ਤੋਂ ਘੜੀਸਣਾ ਪਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਨ੍ਹਾਂ 'ਤੇ ਹਲਕਾ ਲਾਠੀਚਾਰਜ ਵੀ ਕੀਤਾ। ਧਰਨਾਕਾਰੀਆਂ ਨੂੰ ਹਟਾਉਣ ਮਗਰੋਂ ਪੁਲਿਸ ਅਧਿਕਾਰੀ ਗੱਡੀਆਂ ਵਿੱਚ ਬਿਠਾ ਕੇ ਲੈ ਗਏ।