1 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਨਹੀਂ ਹੋ ਸਕੇਗਾ ਸ਼ਾਮਲ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਸ ਕਾਰਨ ਉਹ ਹੁਣ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਸ਼ਾਮਲ ਨਹੀਂ ਹੋ ਸਕੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਫ਼ੈਸਲਾ ਕਰਨ ਦੇ ਹੁਕਮ ਦਿੱਤੇ ਸਨ।
ਹਾਈ ਕੋਰਟ ਦੇ ਹੁਕਮਾਂ ’ਤੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਤੋਂ ਰਿਪੋਰਟ ਮੰਗੀ ਗਈ ਸੀ। ਅੰਮ੍ਰਿਤਸਰ ਪ੍ਰਸ਼ਾਸਨ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ, ਜਿਸ ’ਤੇ ਗ੍ਰਹਿ ਵਿਭਾਗ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਸੂਤਰਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਪਹਿਲੀ ਦਸੰਬਰ ਤੋਂ 19 ਦਸੰਬਰ ਤੱਕ ਹੋਣਾ ਹੈ, ਇਸ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੇ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ।
