ਮਹਿੰਗਾਈ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਦੀ ਆਵਾਜ਼ ਚੁੱਕਦਿਆਂ ਅੱਜ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...
ਚੰਡੀਗੜ੍ਹ (ਸਸਸ) : ਮਹਿੰਗਾਈ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਦੀ ਆਵਾਜ਼ ਚੁੱਕਦਿਆਂ ਅੱਜ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਛੇਤੀ ਤੋਂ ਛੇਤੀ ਸੂਬੇ ਵਿਚ ਬੱਸ ਕਿਰਾਏ ਨੂੰ ਘਟਾਵੇ। 'ਆਪ' ਵੱਲੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਸੀਨੀਅਰ ਆਗੂ ਬਲਜਿੰਦਰ ਸਿੰਘ ਚੋਂਦਾ ਅਤੇ ਨਵਦੀਪ ਸਿੰਘ ਸੰਘਾ ਨੇ ਕਿਹਾ ਕਿ ਦੇਸ਼ ਅਤੇ ਸੂਬੇ ਵਿਚ ਲੋਕ ਮਹਿੰਗਾਈ ਨਾਲ ਤ੍ਰਾਹ-ਤ੍ਰਾਹ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਦਿਆਂ ਕਿਹਾ ਸੀ ਕਿ ਉਹ ਸੂਬੇ ਦੇ ਲੋਕਾਂ ਨੂੰ ਰੋਜ਼ਗਾਰ ਦੇਣਗੇ ਪਰੰਤੂ ਚੋਣਾਂ ਤੋਂ ਪਿੱਛੋਂ ਉਹ ਅਪਣੇ ਵਾਅਦੇ ਤੋਂ ਮੁੱਕਰ ਗਏ ਹਨ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 2 ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਬਣਾ ਕੇ ਅਨੇਕਾਂ ਵਾਰ 10 ਪੈਸੇ ਕਿੱਲੋਮੀਟਰ ਤੱਕ ਬੱਸ ਕਿਰਾਇਆ ਵਧਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਹਰ ਰੋਜ਼ ਸਫ਼ਰ ਕਰ ਰਹੇ ਲੋਕਾਂ ਉੱਤੇ ਭਾਰ ਪਾਇਆ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੀਆਂ ਘਟੀਆਂ ਕੀਮਤਾਂ ਦੇ ਹਿਸਾਬ ਨਾਲ ਬੱਸ ਕਿਰਾਏ ਘਟਾਵੇ। ਉਨ੍ਹਾਂ ਕਿਹਾ ਕਿ ਬੱਸ ਅਤੇ ਟਰਾਂਸਪੋਰਟ ਕਿਰਾਇਆ ਵਧਣ ਕਾਰਨ ਛੋਟੇ ਵਪਾਰੀਆਂ ਦੇ ਵਪਾਰ ਉੱਤੇ ਵੀ ਬਹੁਤ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਰਾਏ ਵਿਚ ਵਾਧਾ ਕਰ ਕੇ ਆਪਣੇ ਖ਼ਜ਼ਾਨੇ ਤਾਂ ਭਰ ਲਏ ਪਰੰਤੂ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।
ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਖ਼ਰਚੇ ਘਟਾ ਕੇ ਖ਼ਜ਼ਾਨੇ ਨੂੰ ਭਰੇਗੀ ਪਰੰਤੂ ਲੋਕਾਂ ਕੋਲੋਂ ਇਕੱਠੇ ਕੀਤੇ ਪੈਸੇ ਨਾਲ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਸਾਰੀ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰੇਗੀ।