
ਬੀਤੇ ਦਿਨੀਂ ਮੋਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਸੀ ਖ਼ਾਰਜ
ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਹਾਈਕੋਰਟ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਸਲ 'ਚ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Bikram Singh Majithia
ਜ਼ਿਕਰਯੋਗ ਹੈ ਕਿ ਡਰੱਗ ਤਸਕਰੀ ਦੇ ਮਾਮਲੇ 'ਚ ਬਿਕਰਮ ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਬਿਕਰਮ ਮਜੀਠੀਆ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।