
ਪ੍ਰਧਾਨ ਮੰਤਰੀ ਤੁਰਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਮਸਲੇ ਦਾ ਹੱਲ ਕਰਨ : ਕੈਪਟਨ ਅਮਰਿੰਦਰ ਸਿੰਘ
ਕਿਹਾ, ਕੇਂਦਰ ਸਰਕਾਰ ਪੰਜਾਬ ਨਾਲ ਦਗ਼ਾ ਕਮਾ ਰਹੀ ਹੈ
ਪਟਿਆਲਾ, 27 ਜਨਵਰੀ (ਜਸਪਾਲ ਸਿੰਘ ਢਿੱਲੋਂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਦਗ਼ਾ ਕਮਾ ਰਹੀ ਹੈ, ਇਹੋ ਕਾਰਨ ਹੈ ਕਿ ਪੰਜਾਬ ਨੂੰ ਜਾਣਬੁਝ ਕੇ ਖੇਤੀ ਸੁਧਾਰਾਂ ਦੀ ਕਮੇਟੀ ’ਚੋਂ ਬਾਹਰ ਰਖਿਆ ਹੈ। ਉਨ੍ਹਾਂ ਫਿਰ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਲੇ ਕਾਨੂੰਨਾਂ ਸਬੰਧੀ ਸਾਡੇ ਨਾਲ ਕਦੇ ਵੀ ਸਲਾਹ ਮਸ਼ਵਰਾ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿਚ ਉਨ੍ਹਾਂ ਵਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ, ਜੋ ਪਿਛਲੇ ਦੋ ਮਹੀਨਿਆਂ ਤੋਾਂ ਦਿੱਲੀ ਦੀਆਂ ਸਰਹੱਦਾਂ ਉੁਪਰ ਬੈਠੇ ਹਨ, ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗ਼ਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰ ਕੇ ਕੇਂਦਰ ਵਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁਧ ਹੈ। ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ।