
31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਆਪਣੇ ਪਿਤਾ ਦੇ ਭੋਗ 'ਚ ਹੋਣਗੇ ਸ਼ਾਮਲ
22 ਜਨਵਰੀ ਨੂੰ ਪਿਤਾ ਕਰ ਗਏ ਸਨ ਅਕਾਲ ਚਲਾਣਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾਜਾਫ਼ਤਾ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੈਰੋਲ ਦੀ ਮੰਗ ਨੂੰ ਮਨਜ਼ੂਰ ਕਰ ਲਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ 22 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ। ਅਜਿਹੇ 'ਚ ਰਾਜੋਆਣਾ ਨੇ ਉਨ੍ਹਾਂ ਦੇ ਭੋਗ 'ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।
Balwant Singh Rajoana
ਹਾਈ ਕੋਰਟ ਦੇ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਦੋਹਰੇ ਬੈਂਚ ਨੇ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਨੂੰ ਇਹ ਪਤਾ ਲਗਾਉਣ ਲਈ ਨਿਰਦੇਸ਼ ਜਾਰੀ ਕੀਤਾ ਕਿ ਭੋਗ ਅਸਲ ਵਿੱਚ 31 ਜਨਵਰੀ ਨੂੰ ਲੁਧਿਆਣਾ ਦੇ ਸਬੰਧਤ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਹਨ ਜਾਂ ਨਹੀਂ। ਲੁਧਿਆਣਾ ਥਾਣਾ ਸਦਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਭੋਗ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪਵੇਗਾ।
Balwant Singh Rajoana
ਦੱਸਣਯੋਗ ਹੈ ਕਿ ਰਾਜੋਆਣਾ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਹਨ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਕਿ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਲਈ ਉਨ੍ਹਾਂ ਨੂੰ ਪੈਰੋਲ ਨਹੀਂ ਮਿਲ ਸਕੀ।
high court
ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਿਤਾ ਹੀ ਜੇਲ 'ਚ ਉਨ੍ਹਾਂ ਦੀ ਦੇਖਭਾਲ ਕਰਨ ਆਉਂਦੇ ਸਨ। ਉਹ ਪਿਛਲੇ 26 ਸਾਲਾਂ ਤੋਂ ਉਨ੍ਹਾਂ ਨੂੰ ਮਿਲਣ ਆਉਂਦੇ ਸਨ। ਰਾਜੋਆਣਾ ਨੂੰ ਅਦਾਲਤ ਨੇ 27 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।
31 ਅਗਸਤ 1995 ਨੂੰ ਪੰਜਾਬ ਦੇ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਇੱਕ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ ਸੀ। ਉਸ ਤੋਂ ਇਲਾਵਾ ਇਸ ਧਮਾਕੇ ਵਿਚ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਮਨੁੱਖੀ ਬੰਬ ਬਣਿਆ ਦਿਲਾਵਰ ਸਿੰਘ ਨਾਂ ਦਾ ਇੱਕ ਗਰਮਖਿਆਲੀ ਵੀ ਮਾਰਿਆ ਗਿਆ ਸੀ।
jagtar singh hawara
ਇਸ ਵਾਰਦਾਤ ਵਿਚ ਸ਼ਾਮਲ ਗਰਮ ਖਿਆਲੀਆਂ ਦੀ ਜਥੇਬੰਦੀ ਬੱਬਰ ਖਾਲਸਾ ਦੇ ਮੈਂਬਰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਸਾਲ 2004 ਵਿੱਚ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ। ਬਾਅਦ ਵਿਚ ਉਨ੍ਹਾਂ ਨੂੰ ਫੜ ਲਿਆ ਗਿਆ। ਇਨ੍ਹਾਂ ਸਾਰਿਆਂ ਨੂੰ ਸਜ਼ਾ ਸੁਣਾਈ ਗਈ ਹੈ।