
ਲਾਲ ਕਿਲ੍ਹੇ ’ਤੇ ਖ਼ਾਲਸਾਈ ਝੰਡਾ ਝੁਲਾਉਣ ਵਾਲੇ ਜੁਗਰਾਜ ਸਿੰਘ ਦਾ ਅਕਾਲ ਤਖ਼ਤ ’ਤੇ ਸਿੱਖ ਜਥੇਬੰਦੀਆਂ ਨੇ ਕੀਤਾ ਸਨਮਾਨਤ
ਅੰਮ੍ਰਿਤਸਰ, 28 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਸੰਘਰਸ਼ ਦੌਰਾਨ 26 ਜਨਵਰੀ 2021 ਨੂੰ ਦਿੱਲੀ ਦੇ ਲਾਲ ਕਿਲ੍ਹੇ ’ਤੇ ਖ਼ਾਲਸਾਈ ਝੰਡਾ ਝੁਲਾਉਣ ਵਾਲੇ ਸਿੱਖ ਨੌਜਵਾਨ ਭਾਈ ਜੁਗਰਾਜ ਸਿੰਘ ਖ਼ਾਲਸਾ ਦਾ ਦਲ ਖ਼ਾਲਸਾ, ਸਿੱਖ ਯੂਥ ਆਫ਼ ਪੰਜਾਬ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਖ਼ਾਲਸਾਈ ਜੈਕਾਰਿਆਂ ਦੀ ਭਰਵੀਂ ਗੂੰਜ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ।
ਦਲ ਖ਼ਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ, ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਭਾਈ ਗੁਰਨਾਮ ਸਿੰਘ ਮੂਨਕਾਂ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜ੍ਹਤ ਸਿੰਘ ਦੀ ਲਾਲ ਕਿਲ੍ਹੇ ’ਤੇ ਖ਼ਾਲਸਾਈ ਝੰਡਾ ਝੁਲਾਉਣ ਦੀ ਇਤਿਹਾਸਕ ਘਟਨਾ ਦੀ ਪਹਿਲੀ ਵਰ੍ਹੇਗੰਢ ਮਨਾਉਂਦਿਆਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜ ਕੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ, ਪੰਜਾਬ ਦੀ ਅਜ਼ਾਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਤੇ ਮਗਰੋਂ ਜੁਗਰਾਜ ਸਿੰਘ ਖ਼ਾਲਸਾ (ਪਿੰਡ ਸ਼ਹੀਦ ਤਾਰਾ ਸਿੰਘ ਵਾਂ) ਅਤੇ ਗਰਜੰਟ ਸਿੰਘ ਨੂੰ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ’ਤੇ ਝੰਡਾ ਝੁਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਜੁਗਰਾਜ ਸਿੰਘ ਨੂੰ ਗਿ੍ਰਫ਼ਤਾਰ ਕਰਵਾਉਣ ਲਈ ਇਕ ਲੱਖ ਰੁਪਏ ਇਨਾਮ ਰਖਿਆ ਸੀ। ਜੁਗਰਾਜ ਸਿੰਘ ਕਾਫ਼ੀ ਸਮਾਂ ਰੂਪੋਸ਼ ਰਿਹਾ। ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਦੇ ਉਪਰਾਲੇ ਸਦਕਾ ਜੁਗਰਾਜ ਸਿੰਘ ਨੂੰ ਅਗਾਊਂ ਜ਼ਮਾਨਤ ਮਿਲੀ ਤੇ ਬਾਅਦ ਵਿਚ ਪੱਕੀ ਜ਼ਮਾਨਤ ਵੀ ਮਿਲ ਗਈ ਸੀ।