ਅੰਮ੍ਰਿਤਸਰ ਦੇ ਹਲਕਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਵਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਗਦੀ ਦਾਖਲ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਨਾਮਜ਼ਦਗੀਆਂ ਦੇ ਤੀਜੇ ਦਿਨ ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਐਸਡੀਐਮ ਦਫਤਰ ਵਿਖੇ ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਉਹਨਾਂ ਦੀ ਬੇਟੀ ਏਕਮ ਵੜਿੰਗ ਵੀ ਮੌਜੂਦ ਸੀ।
ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਨਾਮਜ਼ਦਗੀ ਦਾਖਲ ਕੀਤੀ। ਅੰਮ੍ਰਿਤਸਰ ਦੇ ਹਲਕਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਵਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਫ਼ਾਜ਼ਿਲਕਾ ’ਚ 13 ਉਮੀਦਵਾਰਾਂ ਵਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਵਿਧਾਨ ਸਭਾ ਹਲਕਾ 79-ਜਲਾਲਾਬਾਦ ਤੋਂ ਪੂਰਨ ਚੰਦ, ਤਜਿੰਦਰ ਪਾਲ ਸਿੰਘ, ਜਗਦੀਪ ਕੰਬੋਜ ਅਤੇ ਸੋਬੀਆ ਜਗਦੀਪ ਕੰਬੋਜ, ਵਿਧਾਨ ਸਭਾ ਹਲਕਾ 80 ਫ਼ਾਜ਼ਿਲਕਾ ਤੋਂ ਹੰਸ ਰਾਜ ਜੋਸਨ, ਆਗਿਆ ਰਾਣੀ, ਸੰਦੀਪ ਕੁਮਾਰ ਅਤੇ ਸੋਨੀਆ , ਵਿਧਾਨ ਸਭਾ ਹਲਕਾ 81 ਅਬੋਹਰ ਤੋਂ ਮਹਿੰਦਰ ਰਿਣਵਾਂ ਅਤੇ ਸੁਰੇਸ਼ ਕੁਮਾਰ ਸਤੀਜਾ, ਵਿਧਾਨ ਸਭਾ ਹਲਕਾ 82 ਬੱਲੂਆਣਾ ਤੋਂ ਅਮਨਦੀਪ ਸਿੰਘ ਮੁਸਾਫ਼ਰ, ਅਮਰ ਕੌਰ ਅਤੇ ਰਾਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਜ਼ਿਲ੍ਹਾ ਕਪੂਰਥਲਾ ’ਚ 9 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬਸਪਾ ਦੇ ਉਮੀਦਵਾਰ ਦਵਿੰਦਰ ਸਿੰਘ ਢੱਪਈ ਵਲੋਂ ਦੋ ਨਾਮਜ਼ਦਗੀਆਂ, ਜਦਕਿ ਉਹਨਾਂ ਦੀ ਪਤਨੀ ਸੁਰਿੰਦਰ ਕੌਰ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੇ 2 ਨਾਮਜ਼ਦਗੀ ਪੱਤਰ ਭਰੇ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਕਵਰਿੰਗ ਉਮੀਦਵਾਰ ਵਜੋਂ ਐੱਸ. ਡੀ. ਐਮ. ਕਮ ਰਿਟਰਨਿੰਗ ਅਫ਼ਸਰ ਹਲਕਾ ਖਡੂਰ ਸਾਹਿਬ ਕੋਲ ਆਪਣੇ ਕਾਗਜ਼ ਦਾਖ਼ਲ ਕਰਵਾਏ। ਹਲਕਾ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਤਹਿਸੀਲ ਕੰਪਲੈਕਸ ਦਫ਼ਤਰ ਤਪਾ ਵਿਖੇ ਪਹੁੰਚ ਕੇ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐਮ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਵਿਧਾਨ ਸਭਾ ਹਲਕਾ ਅਮਲੋਹ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਨਰਿੰਦਰ ਕੌਰ ਭਰਾਜ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ। ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਗੋਲਡੀ ਕੰਬੋਜ ਵਲ਼ੋਂ ਤਹਿਸੀਲ ਕੰਮਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਜਲਾਲਾਬਾਦ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ।