
ਪੰਜਾਬ ਵਿਧਾਨ ਸਭਾ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ।
ਲੁਧਿਆਣਾ (ਰਾਜਵਿੰਦਰ ਸਿੰਘ): ਪੰਜਾਬ ਵਿਧਾਨ ਸਭਾ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਸ ਦੌਰਾਨ ਸਟਰੌਂਗ ਰੂਮਾਂ ਵਿਚ ਰੱਖੀਆਂ ਈਵੀਐਮ ਮਸ਼ੀਨਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅੱਜ ਲੁਧਿਆਣਾ ਪਹੁੰਚੇ। ਉਹਨਾਂ ਨੇ ਲੁਧਿਆਣਾ ਦੇ 4 ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਸਟਰੌਂਗ ਰੂਮਾਂ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਮੁੱਖ ਚੋਣ ਅਧਿਕਾਰ ਕਰੁਣਾ ਰਾਜੂ ਨੇ ਕਿਹਾ ਕਿ ਉਹ ਸਾਰੇ ਸਟਰੌਂਗ ਰੂਮਾਂ ਦਾ ਜਾਇਜ਼ਾ ਲੈਣ ਪਹੁੰਚੇ ਹਨ ਅਤੇ ਉਹ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਹਨਾਂ ਦਾ ਕਹਿਣਾ ਹੈ ਕਿ ਈਵੀਐੱਮਜ਼ ਨੂੰ ਟ੍ਰਿਪਲ ਲੇਅਰ ਸੁਰੱਖਿਆ ਵਿਚ ਰੱਖਿਆ ਗਿਆ ਅਤੇ ਉਹਨਾਂ ਨੇ ਸਾਰੇ ਉਮੀਦਵਾਰਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਈਵੀਐਮ ਮਸ਼ੀਨਾਂ ’ਤੇ ਸੀਸੀਟੀਵੀ ਕੈਮਰਿਆਂ ਨਜ਼ੀਏ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਨਿਗਰਾਨੀ ਰੱਖ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਿਵੇਂ ਵੋਟਾਂ ਪੂਰੇ ਅਮਨੋ ਅਮਾਨ ਨਾਲ ਹੋਈਆਂ ਹਨ, ਉਸੇ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਦੱਸਿਆ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਬਾਰੇ ਇਕੱਲੀ-ਇਕੱਲੀ ਜਾਣਕਾਰੀ ਮੋਬਾਈਲਾਂ 'ਚ ਮਿਲੇਗੀ।
ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਕਾਊਂਟਿੰਗ ਸੈਂਟਰ 'ਚ ਸਿਰਫ ਉਹਨਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਇਸ ਸਬੰਧੀ ਮਨਜ਼ੂਰੀ ਹੋਵੇਗੀ। ਲੁਧਿਆਣਾ ਦੇ ਸਟਰੌਂਗ ਰੂਮਾਂ ਵਿਚ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਮੁੱਖ ਚੋਣ ਅਧਿਕਾਰੀ ਸੰਤੁਸ਼ਟ ਨਜ਼ਰ ਆਏ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।