
ਸੁਪਰੀਮ ਕੋਰਟ ਨੇ ਰਾਜਪਾਲ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। ਪੰਜਾਬ ਦੇ ਰਾਜਪਾਲ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹਨਾਂ ਨੇ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਆਫ਼ ਇੰਡੀਆ ਤੁਸ਼ਾਰ ਮਹਿਤਾ ਨੇ ਇਹ ਬਿਆਨ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮਹਾ ਦੀ ਬੈਂਚ ਅੱਗੇ ਦਿੱਤਾ।
ਇਹ ਵੀ ਪੜ੍ਹੋ: ਗਲਵਾਨ ਘਾਟੀ ਵਿਚ ਸ਼ਹੀਦ ਹੋਏ ਜਵਾਨ ਦੀ ਯਾਦਗਾਰ ਨੂੰ ਲੈ ਕੇ ਵਿਵਾਦ, ਪੁਲਿਸ ਨੇ ਪਿਤਾ ਨੂੰ ਕੀਤਾ ਗ੍ਰਿਫ਼ਤਾਰ
ਦਰਅਸਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਰਾਜਪਾਲ ਦੇ ਵਕੀਲ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਵਿਚ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਨਹੀਂ ਕੀਤਾ ਹੈ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 3 ਮਾਰਚ ਤੋਂ ਹੋਵੇਗਾ। ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਰਾਜਪਾਲ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਦਾ ਕੋਈ ਲਾਭ ਨਹੀਂ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ 315 ਵੈਟਰਨਰੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੈਸ਼ਨ ਵਿਚ ਦੇਰੀ ਨਹੀਂ ਕੀਤੀ ਜਾ ਸਕਦੀ- ਚੀਫ ਜਸਟਿਸ
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਸੰਵਿਧਾਨਕ ਅਫ਼ਸਰਾਂ ਵਿਚਕਾਰ ਸੰਚਾਰ ਵਿਚ ਸੰਵਿਧਾਨਕ ਸੰਵਾਦ ਹੋਣਾ ਚਾਹੀਦਾ ਹੈ। ਅਜਿਹੇ ਬਿਆਨ ਨਹੀਂ ਹੋ ਸਕਦੇ ਕਿ ਤੁਸੀਂ ਕੌਣ ਹੋ ਜਾਂ ਕੇਂਦਰ ਤੁਹਾਨੂੰ ਕਿਵੇਂ ਚੁਣਦਾ ਹੈ? ਮੁੱਖ ਮੰਤਰੀ ਦਾ ਟਵੀਟ ਭਾਵੇਂ ਕਿੰਨਾ ਵੀ ਅਣਉਚਿਤ ਕਿਉਂ ਨਾ ਹੋਵੇ, ਵਿਧਾਨ ਸਭਾ ਦੇ ਸੈਸ਼ਨ ਵਿਚ ਦੇਰੀ ਨਹੀਂ ਕੀਤੀ ਜਾ ਸਕਦੀ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਰਾਜਪਾਲ ਕੋਈ ਜਾਣਕਾਰੀ ਮੰਗਦਾ ਹੈ ਤਾਂ ਸਰਕਾਰ ਉਹ ਜਾਣਕਾਰੀ ਦੇਣ ਲਈ ਪਾਬੰਦ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਇਕ ਦੂਜੇ ਨੂੰ ਭੇਜੇ ਗਏ ਪੱਤਰ ਵੀ ਸੁਪਰੀਮ ਕੋਰਟ ਵਿਚ ਪੜ੍ਹ ਕੇ ਸੁਣਾਏ ਗਏ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੇ ਮੁੱਦੇ 'ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੀਐੱਮ ਭਗਵੰਤ ਮਾਨ ਆਹਮੋ-ਸਾਹਮਣੇ ਹੋਏ ਸਨ। ਰਾਜਪਾਲ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਫੈਸਲੇ ਇਲੈਕਟਡ ਲੋਕ ਨਹੀਂ, ਸਲੈਕਟਡ ਲੋਕ ਲੈਣਗੇ। ਇਸ ਮਗਰੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਲਿਖੇ ਪੱਤਰ ਨੂੰ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਕਿਹਾ ਕਿ ਉਹ ਇਸ ਮਾਮਲੇ 'ਚ ਕਾਨੂੰਨੀ ਰਾਏ ਲੈਣਗੇ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣਗੇ।