
ਬੁੱਢਾ ਦਲ ਵਲੋਂ ਇੰਟਰਨੈਸ਼ਨਲ ਦੋ ਰੋਜ਼ਾ ਗਤਕਾ ਮੁਕਾਬਲੇ ਆਰੰਭ
ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਸੁਖਵਿੰਦਰਪਾਲ ਸਿੰਘ ਸੁੱਖੂ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵਲੋਂ ਹੋਲੇ ਮਹੱਲੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਅੱਜ ਖ਼ਾਲਸਾਈ ਸ਼ਾਨੋ-ਸ਼ੋਕਤ ਨਾਲ ਭਾਈ ਸੁਖਜੀਤ ਸਿੰਘ ਕਨ੍ਹਇਆ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਸਿੰਘ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵਲੋਂ ਬਖ਼ਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀ ਗਤਕੇ ਦੀ ਇਸ ਸ਼ਸਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ। ਇਸੇ ਦੌਰਾਨ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪਿਛਲੇ 15 ਸਾਲਾਂ ਤੋਂ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਇਸ ਵਾਰ ਵੀ ਦੋ ਰੋਜ਼ਾ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਅੱਜ ਤੇ ਕਲ ਨੂੰ ਹੋ ਰਹੇ ਹਨ। ਵਿਸਾਖੀ ਦੇ ਪਾਵਨ ਦਿਹਾੜੇ ਤੇ ‘‘ਬੁੱਢਾ ਦਲ ਦੇ ਤੀਸਰੇ ਜਥੇ: ਨਵਾਬ ਕਪੂਰ ਸਿੰਘ ਜੀ ਵਿਸ਼ੇਸ਼ ਪੁਸਤਕ” ਅਤੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦਾ ਵਿਸ਼ੇਸ਼ ਕਿਤਾਬਚਾ ‘‘ਨਿਹੰਗ ਸਿੰਘ ਸੰਦੇਸ਼” ਨੂੰ ਵੀ ਜਾਰੀ ਕੀਤਾ ਜਾਵੇਗਾ।
ਇਸ ਮੌਕੇ ਬਾਬਾ ਨੌਰੰਗ ਸਿੰਘ ਹਰੀਆਂ ਵੇਲਾਂ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਧੰਨਾ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਬਲਦੇਵ ਸਿੰਘ ਢੋਢੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਤੇ ਸੰਗਤਾਂ ਹਾਜ਼ਰ ਸਨ।