
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਕੋਲ ਜਾਣ ਲਈ ਇਕ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨੀ ਚਾਹੀਦੀ ਹੈ
ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਚੰਡੀਗੜ੍ਹ ’ਚ ਪੰਜਾਬ ਦੇ ਹਿੱਸੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਹਨਾਂ ਮਸਲਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਭਾਰਤ ਸਰਕਾਰ ਵੱਲੋਂ ਲਏ ਗਏ ਸੰਘ ਵਿਰੋਧੀ ਫੈਸਲਿਆਂ ਦਾ ਟਾਕਰਾ ਕਰਨ ਲਈ ਸਾਰੇ ਕਾਨੂੰਨੀ ਵਿਕਲਪਾਂ ਦੀ ਖੋਜ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਬੀਬੀਐਮਬੀ ਵਿਚ ਮੈਂਬਰਾਂ ਦੀ ਨਿਯੁਕਤੀ ਦੇ ਮਾਪਦੰਡਾਂ ਦੇ ਨਾਲ-ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਸਿਵਲ ਸੇਵਾਵਾਂ ਨਿਯਮਾਂ ਵਿਚ ਸੋਧ ਕੀਤੀ ਹੈ। ਇਹ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਹੈ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਕੋਲ ਜਾਣ ਲਈ ਇਕ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਸਪੱਸ਼ਟ ਕੀਤਾ ਜਾ ਸਕੇ ਕਿ ਸਾਰੀਆਂ ਪਾਰਟੀਆਂ ਇਹਨਾਂ ਫੈਸਲਿਆਂ ਵਿਰੁੱਧ ਇੱਕਜੁੱਟ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਚੰਡੀਗੜ੍ਹ ’ਤੇ ਦਾਅਵਾ ਕਰਨਾ ਚਾਹੀਦਾ ਹੈ।
ਪ੍ਰਤਾਪ ਬਾਜਵਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਜਾਂ ਪੰਜਾਬ ਨੇ ਇਸ ਵਾਰ ਕੋਈ ਕਾਰਵਾਈ ਨਹੀਂ ਕੀਤੀ ਤਾਂ ਕੇਂਦਰ ਸਰਕਾਰ ਇਸ ਤੋਂ ਬਾਅਦ ਸਤਲੁਜ-ਯਮੁਨਾ ਲਿੰਕ ’ਤੇ ਬਣਦੇ ਪੰਜਾਬ ਦੇ ਹੱਕ ਨੂੰ ਖੋਹਣ ਦੀ ਕੋਸ਼ਿਸ਼ ਕਰੇਗੀ। ਪੰਜਾਬ ਸਰਕਾਰ ਨੂੰ ਇਸ ’ਤੇ ਪਹਿਰਾ ਦੇਣ ਦੀ ਲੋੜ ਹੈ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹਨਾਂ ਵਲੋਂ ਇਸ ਮੁੱਦੇ ’ਤੇ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।