ਭਾਰਤੀ ਦੂਤਘਰ ਨੇ ਉਨ੍ਹਾਂ ਦੇ ਦਫ਼ਤਰ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਦੇਸ਼ ਭੱਜਣ ਤੋਂ ਰੋਕਣ ਲਈ ਮਦਦ ਮੰਗੀ ਸੀ।
ਕਾਠਮੰਡੂ : 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਚੱਲ ਰਿਹਾ ਹੈ। ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਉਸ ਦੀ ਭਾਲ ਕਰ ਰਹੀਆਂ ਹਨ, ਪਰ ਅਜੇ ਤੱਕ ਉਹ ਨਹੀਂ ਮਿਲਿਆ ਹੈ। ਹੁਣ ਅੰਮ੍ਰਿਤਪਾਲ ਨੂੰ ਲੈ ਕੇ ਨੇਪਾਲ 'ਚ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤ ਤੋਂ ਇਲਾਵਾ ਨੇਪਾਲ ਵਿਚ ਵੀ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਨੇਪਾਲ ਸਰਕਾਰ ਦੇ ਇਮੀਗ੍ਰੇਸ਼ਨ ਵਿਭਾਗ ਨੇ ਅੰਮ੍ਰਿਤਪਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਨੇਪਾਲ 'ਚ ਖਾਸ ਤੌਰ 'ਤੇ ਹਵਾਈ ਅੱਡੇ 'ਤੇ ਸਥਿਤ ਦਫਤਰਾਂ 'ਚ ਅਲਰਟ ਜਾਰੀ ਕੀਤਾ ਗਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਆਪਣੇ ਪਾਸਪੋਰਟ ਜਾਂ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਕਿਸੇ ਤੀਜੇ ਦੇਸ਼ ਭੱਜ ਗਿਆ ਹੋ ਸਕਦਾ ਹੈ। ਡੀਜੀ ਝਲਕਰਾਮ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਦੂਤਘਰ ਨੇ ਉਨ੍ਹਾਂ ਦੇ ਦਫ਼ਤਰ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਦੇਸ਼ ਭੱਜਣ ਤੋਂ ਰੋਕਣ ਲਈ ਮਦਦ ਮੰਗੀ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਨੇਪਾਲ ਵਿਚ ਲੁਕੇ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਅੰਮ੍ਰਿਤਪਾਲ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।