ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।
ਚੰਡੀਗੜ੍ਹ - ਪੰਜਾਬ ਅੰਦਰ ਹੋਈ ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੰਤਰੀ ਲਾਲਜੀਤ ਭੁੱਲਰ ਵੱਲੋਂ ਜਾਇਜ਼ਾ ਲਿਆ ਗਿਆ। ਫਸਲਾਂ ਦਾ ਜਾਇਜ਼ਾ ਲੈਣ ਉਹ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚੇ ਅਤੇ ਮੌਕੇ ’ਤੇ ਹੀ ਪਟਵਾਰੀਆਂ ਅਤੇ ਸਬੰਧਿਤ ਅਫ਼ਸਰਾਂ ਨੂੰ ਫੋਨ ਕਰਕੇ ਤੁਰੰਤ ਮਸਲੇ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿਚ 25 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਫ਼ਸਲ ਦਾ 75 ਫ਼ੀਸਦੀ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਫ਼ਸਲ ਬੀਮਾਂ ਯੋਜਨਾ ਲਿਆਉਣ ਜਾ ਰਹੇ ਹਨ। ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਲਾਲਜੀਤ ਭੁੱਲਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਹੱਲ ਕੀਤਾ।