
ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਛੇਤੀ ਸੁਲਝਾਉਣ ਦਾ ਭਰੋਸਾ, ਅਗਲੀ ਮੀਟਿੰਗ ਜੂਨ 'ਚ ਹੋਵੇਗੀ
ਚੰਡੀਗੜ੍ਹ, 27 ਅਪ੍ਰੈਲ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਅਧਿਆਪਕਾਂ ਦੀਆਂ ਬਕਾਇਆ ਪਈਆਂ ਵੱਖ-ਵੱਖ ਮੰਗਾਂ ਦੇ ਜਲਦ ਨਿਪਟਾਰੇ ਲਈ ਨਵੇਂ ਬਣੇ ਸਿਖਿਆ ਮੰਤਰੀ ਓ.ਪੀ. ਸੋਨੀ ਨੂੰ ਇਹ ਮੰਗਾਂ ਘੋਖਣ ਦੀ ਹਦਾਇਤ ਕੀਤੀ ਹੈ।ਅਧਿਆਪਕਾਂ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਲਝਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਸੋਨੀ ਨੂੰ ਕਿਹਾ ਕਿ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਨੂੰ ਲੈ ਕੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਜਾਵੇ ਜਿਨ੍ਹਾਂ ਵਿਚ ਤਬਾਦਲਾ ਨੀਤੀ, ਤਰਕਸੰਗਤ ਨੀਤੀ, ਤਨਖ਼ਾਹਾਂ ਸਮੇਂ ਸਿਰ ਜਾਰੀ ਕਰਨ ਤੋਂ ਇਲਾਵਾ ਵੱਖ-ਵੱਖ ਸੁਸਾਇਟੀਆਂ ਵਿਚ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨਾ ਸ਼ਾਮਲ ਹਨ। ਮੁੱਖ ਮੰਤਰੀ ਨੇ ਸਕੂਲ ਸਿਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸਕੂਲ ਅਧਿਆਪਕਾਂ ਦੀ ਡਿਊਟੀ ਪੜ੍ਹਾਉਣ ਤੋਂ ਬਿਨਾਂ ਕਿਸੇ ਹੋਰ ਕੰਮਾਂ ਨਾ ਲਾਉਣ ਅਤੇ ਅਜਿਹੀਆਂ ਡਿਊਟੀਆਂ ਗ਼ੈਰ-ਅਧਿਆਪਨ ਅਮਲੇ ਪਾਸੋਂ ਕਰਵਾਉਣ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਉਣ ਲਈ ਆਖਿਆ ਤਾਂ ਕਿ ਅਧਿਆਪਕ ਅਪਣਾ ਧਿਆਨ ਸਿਖਿਆ ਮੁਹਈਆ ਕਰਵਾਉਣ 'ਤੇ ਇਕਾਗਰ ਕਰ ਸਕਣ।
Captain Amarinder Singh
ਮੁੱਖ ਮੰਤਰੀ ਨੇ ਇਹ ਹਦਾਇਤਾਂ 'ਸਾਂਝਾ ਅਧਿਆਪਕ ਮੋਰਚਾ ਪੰਜਾਬ' ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿਤੀਆਂ।ਮੁੱਖ ਮੰਤਰੀ ਨੇ ਵੱਖ-ਵੱਖ ਕੈਟਾਗਰੀਆਂ ਨਾਲ ਸਬੰਧਤ ਅਧਿਆਪਕਾਂ ਦੇ ਲੰਬਿਤ ਮਸਲਿਆਂ ਵਿਚ ਖ਼ੁਦ ਦਖ਼ਲ ਦੇਣ ਦਾ ਭਰੋਸਾ ਦਿਤਾ। ਉਨ੍ਹਾਂ ਨੇ ਵਾਅਦਾ ਕੀਤਾ ਕਿ ਸਿਖਿਆ ਮੰਤਰੀ ਨਾਲ ਮੁਢਲੀ ਮੀਟਿੰਗ ਤੋਂ ਮਗਰੋਂ ਉਹ ਅਧਿਆਪਕ ਮੋਰਚੇ ਦੇ ਨੁਮਾਇੰਦਿਆਂ ਨਾਲ ਜੂਨ ਮਹੀਨੇ ਵਿਚ ਇਕ ਹੋਰ ਮੀਟਿੰਗ ਕਰਨਗੇ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਦਸਵੀਂ ਜਮਾਤ ਦੀ ਪਾਸ ਪ੍ਰਤੀਸ਼ਤਾ ਘੱਟ ਰਹਿਣ 'ਤੇ ਚਿੰਤਾ ਜ਼ਾਹਰ ਕਰਦਿਆਂ ਅਧਿਆਪਕਾਂ ਨੂੰ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੀ ਡਿਊਟੀ ਕਰਨ ਦੀ ਅਪੀਲ ਕੀਤੀ ਤਾਂ ਕਿ ਇਸ ਪਾਸੇ ਵੱਲ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਪੱਧਰ 'ਤੇ ਅਧਿਆਪਕਾਂ ਦੀ ਕਮੀ ਪੂਰੀ ਕਰਨ ਤੋਂ ਇਲਾਵਾ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਸਮੇਤ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ।