
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸੋਮਵਾਰ ਨੂੰ ਭਰੋਸਾ ਦਿਤਾ ਕਿ ਅੰਮ੍ਰਿਤਸਰ, ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ ਹੈ, ਜਿਸ ਤਹਿਤ
ਚੰਡੀਗੜ੍ਹ, 27 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸੋਮਵਾਰ ਨੂੰ ਭਰੋਸਾ ਦਿਤਾ ਕਿ ਅੰਮ੍ਰਿਤਸਰ, ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ ਹੈ, ਜਿਸ ਤਹਿਤ ਕਰਤਾਰਪੁਰ ਵਿਖੇ ਇਕ ਹਿੱਸਾ ਐਕਸਪ੍ਰੈਸ ਵੇਅ ਨੂੰ ਕਰਤਾਰਪੁਰ-ਅੰਮ੍ਰਿਤਸਰ ਭਾਗ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਇਸ ਸੈਕਸ਼ਨ ਨੂੰ ਮੌਜੂਦਾ ਅਲਾਈਨਮੈਂਟ ਦੇ ਨਾਲ ਹੀ 6-ਲੇਨ ਐਕਸੈਸ ਕੰਟਰੋਲਡ ਐਕਸਪ੍ਰੈਸ ਵੇਅ ਵਜੋਂ ਵਿਕਸਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਲੋਂ ਪ੍ਰਵਾਨਿਤ ਇਹ ਅਲਾਈਨਮੈਂਟ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਦੇ ਸ਼ਹਿਰਾਂ ਨੂੰ ਕੌਮੀ ਰਾਜਧਾਨੀ ਦਿੱਲੀ ਦੇ ਨਾਲ ਨਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਜੰਮੂ ਕਸ਼ਮੀਰ ਨਾਲ ਜੋੜਨ ਲਈ ਸੱਭ ਤੋਂ ਛੋਟਾ ਅਤੇ ਸਿੱਧਾ ਸੰਪਰਕ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ, ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਐਨਐਚਏਆਈ ਦੇ ਨੁਮਾਇੰਦਿਆਂ ਦਰਮਿਆਨ ਹੋਈਆਂ ਕਈ ਮੀਟਿੰਗਾਂ ਤੋਂ ਬਾਅਦ ਇਸ ਅਲਾਈਨਮੈਂਟ ਨੂੰ ਅੰਤਮ ਰੂਪ ਦਿਤਾ ਗਿਆ ਹੈ।
File photo
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਤਾਲਾਬੰਦੀ ਦੇ ਬਾਵਜੂਦ ਇਸ ਪ੍ਰਾਜੈਕਟ ਦਾ ਕੰਮ ਵਿਕਾਸ ਅਧੀਨ ਹੈ। ਇਸ ਸਬੰਧ ਵਿਚ ਜ਼ਿਲ੍ਹਾ ਪਟਿਆਲਾ ਅਤੇ ਸੰਗਰੂਰ ਵਿਚ ਮਾਲ ਰੀਕਾਰਡ ਦੀ ਤਸਦੀਕ ਹੋ ਚੁੱਕੀ ਹੈ ਅਤੇ ਨੈਸ਼ਨਲ ਹਾਈਵੇਅਜ਼ ਐਕਟ ਦੀ ਧਾਰਾ 3 ਏ ਤਹਿਤ ਜਲਦ ਹੀ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਜਾਵੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਚਿਰਾਂ ਤੋਂ ਉਡੀਕੇ ਜਾ ਰਹੇ ਇਸ ਪ੍ਰਾਜੈਕਟ ਰਾਹੀਂ ਪੰਜਾਬ ਦੀਆਂ ਉਦਯੋਗਿਕ ਇਕਾਈਆਂ ਅਤੇ ਖੇਤੀ ਬਾਜ਼ਾਰਾਂ ਨੂੰ ਬਾਕੀ ਦੇਸ਼ ਨਾਲ ਜੁੜਣ ਦਾ ਮੌਕਾ ਹਾਸਲ ਹੋਵੇਗਾ ਜਿਸ ਨਾਲ ਸੂਬੇ ਨੂੰ ਵੱਡਾ ਆਰਥਕ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨਐਚਏਆਈ ਨੇ ਮੌਜੂਦਾ ਵਿੱਤੀ ਸਾਲ 2020-21 ਦੌਰਾਨ ਨਿਰਮਾਣ ਕਾਰਜਾਂ ਨੂੰ ਵੰਡਣ ਦਾ ਟੀਚਾ ਰਖਿਆ ਹੈ ਅਤੇ ਇਹ ਟੀਚਾ 2023-24 ਤੱਕ ਪੂਰਾ ਹੋ ਜਾਵੇਗਾ।
ਉਨ੍ਹਾਂ ਦੁਹਰਾਇਆ ਕਿ ਅੰਮ੍ਰਿਤਸਰ ਮਾਤਾ-ਵੈਸ਼ਨੋ ਦੇਵੀ ਅਤੇ ਹਰਿਮੰਦਰ ਸਾਹਿਬ ਦੇ ਪਵਿੱਤਰ ਅਸਥਾਨਾਂ ਨੂੰ ਜੋੜਨ ਵਾਲੇ ਦਿੱਲੀ-ਕਟੜਾ ਐਕਸਪ੍ਰੈੱਸਵੇਅ ਦਾ ਅਟੁੱਟ ਅੰਗ ਹੈ।