
ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Vijay inder singla
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
School Students
ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ।
Vijay Inder Singla
ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
Students
ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।