
ਪਿੰਡ ਵਾਸੀਆਂ ਨੇ ਕਿਹਾ, ਉਹ BSF ਨਾਲ ਸਹਿਮਤ ਹਨ ਤੇ ਜੇਕਰ ਕੋਈ ਦੇਸ਼ ਉੱਤੇ ਖ਼ਤਰੇ ਵਾਲੀ ਸਥਿਤੀ ਬਣਦੀ ਹੈ ਤਾਂ ਉਹ BSF ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
Gurdaspur News: 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ (Pehalgam Terror Attack) ਵਿੱਚ ਲਗਭਗ 26 ਮਾਸੂਮ ਲੋਕ ਮਾਰੇ ਗਏ ਸਨ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਪਾਕਿਸਤਾਨ ਅਤੇ ਅਤਿਵਾਦ ਵਿਰੁਧ ਹਰ ਰੋਜ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਇਸ ਦੌਰਾਨ, ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗੀ ਸਥਿਤੀ ਹੈ ਅਤੇ ਭਾਰਤ ਸਰਕਾਰ ਨੇ ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਵਾਪਸ ਜਾਣ ਦਾ ਹੁਕਮ ਦਿੱਤਾ ਹੈ। ਪਾਕਿਸਤਾਨ ਨਾਲ ਵਪਾਰ ਵੀ ਬੰਦ ਕਰ ਦਿੱਤਾ ਗਿਆ ਹੈ। ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਆਪਣੇ-ਆਪਣੇ ਪੱਧਰ ਉੱਤੇ ਅਭਿਆਸ ਕਰ ਰਹੀਆਂ ਹਨ ਤੇ ਸਰਕਾਰਾਂ ਦੇ ਵੱਡੇ ਮੰਤਰੀ ਮੀਟਿੰਗਾਂ ਕਰ ਰਹੇ ਹਨ। ਇਸੇ ਦੌਰਾਨ ਸਰਹੱਦੀ ਖੇਤਰਾਂ (Border areas) ਵਿਚ ਵਸੇ ਲੋਕਾਂ ਨੂੰ ਇਸ ਗੱਲ ਦੀ ਚਿੰਤਾ ਹੋ ਰਹੀ ਹੈ ਕਿ ਜੇਕਰ ਲੜਾਈ ਲਗਦੀ ਹੈ ਤਾਂ ਉਨ੍ਹਾਂ ਦਾ ਕੀ ਬਣੇਗਾ।
ਪਤਾ ਲੱਗਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿਚ ਗੁਰਦੁਆਰਾ ਸਾਹਿਬਾਨ ਰਾਹੀਂ ਘੋਸ਼ਣਾ (Announcement) ਕੀਤੀ ਜਾ ਰਹੀ ਹੈ ਕਿ ਉਹ ਆਪਣੇ ਪੱਧਰ ਉੱਤੇ ਚੌਕਸ (Alert) ਰਹਿਣ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਲਾਚ ਦੇ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਇਹ ਐਲਾਨ ਕੀਤਾ ਗਿਆ ਕਿ ਉਹ ਆਪਣੇ ਪੱਧਰ ਉੱਤੇ ਚੌਕਸ ਰਹਿਣ ਅਤੇ ਪਿੰਡਾਂ ਦੇ ਨੌਜਵਾਨ ਰਾਤਾਂ ਨੂੰ ਠੀਕਰੀ ਪਹਿਰਾ ਦੇਣ ਤਾਂ ਜੋ ਕੋਈ ਸ਼ਰਾਰਤੀ ਅਨਸਰ ਪਿੰਡਾਂ ਵਿਚ ਨਾ ਵੜ ਸਕੇ। ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰਤ ਪੁਲਿਸ ਜਾਂ ਬੀਐਸਐਫ਼ (BSF) ਨੂੰ ਦਿਤੀ ਜਾਵੇ।
ਇਨ੍ਹਾਂ ਐਲਾਨਾਂ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਲੋਕ ਚਿੰਤਤ ਹਨ ਕਿ ਉਨ੍ਹਾਂ ਨੂੰ 1965 ਅਤੇ 1971 ਦੀ ਕਾਰਗਿਲ ਲੜਾਈ ਦੀ ਯਾਦ ਤਾਜ਼ਾ ਹੋਣੀ ਸ਼ੁਰੂ ਹੋ ਗਈ ਹੈ ਜਦੋਂ ਉਨ੍ਹਾਂ ਨੂੰ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਥਾਵਾਂ ਉੱਤੇ ਜਾਣਾ ਪਿਆ ਸੀ। ਇਸ ਨਾਲ ਉਨ੍ਹਾਂ ਦਾ ਕਾਫ਼ੀ ਮਾਲੀ ਨੁਕਸਾਨ ਵੀ ਹੋਇਆ ਸੀ। ਹੁਣ ਵੀ ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਬੱਚਿਆਂ ਅਤੇ ਜਾਨਵਰਾਂ ਨਾਲ ਕਿੱਥੇ ਜਾਣਗੇ? ਉਨ੍ਹਾਂ ਨੇ ਦੱਸਿਆ ਕਿ ਬੀਐਸਐਫ਼ ਦੇ ਜਵਾਨ ਪਿੰਡ ਵਿੱਚ ਆਏ ਸਨ। ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਅਤੇ ਕੰਡਿਆਲੀ ਤਾਰ ਦੇ ਪਾਰ ਕਿਸਾਨਾਂ ਦੀਆਂ ਫ਼ਸਲਾਂ ਦੀ ਜਲਦੀ ਕਟਾਈ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਪਿੰਡ ਦੇ ਲੋਕਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਹੋਣੀ ਚਾਹੀਦੀ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਬੀਐਸਐਫ਼ ਨਾਲ ਸਹਿਮਤ ਹਨ ਤੇ ਜੇਕਰ ਕੋਈ ਦੇਸ਼ ਉੱਤੇ ਖ਼ਤਰੇ ਵਾਲੀ ਸਥਿਤੀ ਬਣਦੀ ਹੈ ਤਾਂ ਉਹ ਬੀਐਸਐਫ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
(For more news apart from People of border villages should be alert News in Punjabi, stay tuned to Rozana Spokesman)