
ਅਸਤੀਫ਼ੇ ਦੇ ਕੋਈ ਲੋੜ ਨਹੀ, ਪੰਜਾਬ ’ਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ: ਕੈਪਟਨ
ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਪੂਰੀ ਤਰ੍ਹਾਂ ਅਣਉੱਚਿਤ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਲੋੜ ਨਹੀਂ ਹੈ। ਪੰਜਾਬ ਵਿਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਜੇਕਰ ਸੁਨੀਲ ਜਾਖੜ ਨੇ ਉਨ੍ਹਾਂ ਨਾਲ ਪਹਿਲਾਂ ਹੀ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਉਹ ਸਪੱਸ਼ਟ ਤੌਰ 'ਤੇ ਅਜਿਹਾ ਨਾ ਕਰਨ ਦੀ ਸਲਾਹ ਦਿੰਦੇ।
Captain Amarinder Singh
ਉਨ੍ਹਾਂ ਕਿਹਾ ਕਿ ਜਾਖੜ ਕੋਲ ਅਹੁਦਾ ਛੱਡਣ ਦਾ ਕੋਈ ਕਾਰਨ ਨਹੀਂ ਹੈ। ਹੋਰਨਾਂ ਸੂਬਿਆਂ ਵਿਚ ਤਾਂ ਪਾਰਟੀ ਪ੍ਰਧਾਨਾਂ ਨੇ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਲਈ ਜ਼ਿੰਮੇਵਾਰੀ ਲੈਣੀ ਛੱਡ ਦਿਤੀ ਹੈ। ਕੈਪਟਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ ’ਚ ਮੋਦੀ ਲਹਿਰ ਦੇ ਬਾਵਜੂਦ ਜਾਖੜ ਨੇ ਇਨ੍ਹਾਂ ਲੋਕ ਸਭਾ ਚੋਣਾਂ ’ਚ ਪੀਪੀਸੀਸੀ ਦੀ ਅਗਵਾਈ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ ਲਈ ਪਾਰਟੀ ਨੂੰ ਉਨ੍ਹਾਂ ਦੀ ਬਹੁਤ ਲੋੜ ਹੈ ਤੇ ਗੁਰਦਾਸਪੁਰ ਵਿਚ ਹਾਰ ਲਈ ਪਾਰਟੀ ਪ੍ਰਧਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।
Sunil Jakhar
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹਾਰਨ ਤੋਂ ਬਾਅਦ ਅਪਣੇ ਅਹੁਦੇ ਤੋਂ ਅਸਤੀਫ਼ਾ ਪੇਸ਼ ਕੀਤਾ ਹੈ। ਜਾਖੜ ਦੀ ਅਗਵਾਈ ਵਿਚ ਪਾਰਟੀ ਨੇ ਭਾਵੇਂ ਸੂਬੇ ਦੀਆਂ 13 ਵਿਚੋਂ ਅੱਠ ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ ਪਰ ਜਾਖੜ ਅਪਣੀ ਸੀਟ ਹਾਰ ਗਏ ਹਨ। ਜਿਸ ਕਰਕੇ ਹੁਣ ਗਾਂਧੀ ਦੇ ਨਾਲ-ਨਾਲ ਜਾਖੜ ਨੇ ਅਪਣਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਪਣੀ ਸੀਟ ਤੋਂ ਹਾਰ ਜ਼ਿੰਮੇਵਾਰੀ ਲੈਂਦਿਆਂ ਇਖ਼ਲਾਕੀ ਆਧਾਰ 'ਤੇ ਅਪਣਾ ਅਹੁਦਾ ਛੱਡ ਰਹੇ ਹਨ।