
ਪੰਜਾਬ ਸਰਕਾਰ ਵਲੋਂ ਸੂਬੇ ਵਿਚ ਤਾਲਾਬੰਦੀ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫ਼ੈਸਲਾ 30 ਮਈ ਨੂੰ
ਚੰਡੀਗੜ੍ਹ, 27 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਤਾਲਾਬੰਦੀ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫ਼ੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰ ਕੇ ਜਾਇਜ਼ਾ ਲੈਣਗੇ ਅਤੇ ਤਾਲਾਬੰਦੀ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫ਼ੈਸਲੇ ਦਾ ਐਲਾਨ ਕਰਨਗੇ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇਕ ਬੁਲਾਰੇ ਨੇ ਦਸਿਆ ਕਿ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਕਿ ਮੌਜੂਦਾ ਤਾਲਾਬੰਦੀ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਤਾਲਾਬੰਦੀ ਵਿਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫ਼ੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।