
ਖੇਤੀ ਆਰਡੀਨੈਂਸਾਂ ਵਿਰੁਧ ਅੰਦੋਲਨ ਭਖਿਆਬਾਦਲ ਅਕਾਲੀ ਦਲ ਦੇ ਲੀਡਰਾਂ ਵਿਰੁਧ ਵੀ ਕਿਸਾਨਾਂ ਦਾ ਗੁੱਸਾ ਪ੍ਰਚੰਡ ਹੋਇਆ
ਚੰਡੀਗੜ੍ਹ, 27 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਜਾਰੀ ਕੀਤੇ ਗਏ 3 ਆਰਡੀਨੈਂਸਾਂ ਵਿਰੁਧ ਪੰਜਾਬ ਵਿਚ ਕਿਸਾਨਾਂ ਵਿਚ ਰੋਸ ਦਿਨ ਬਾ ਦਿਨ ਵਧਣ ਤੋਂ ਬਾਅਦ ਹੁਣ ਅੰਦੋਲਨ ਪੂਰੀ ਤਰ੍ਹਾਂ ਭਖ ਗਿਆ ਹੈ। ਕਿਸਾਨਾਂ ਦੀਆਂ 13 ਜਥੇਬੰਦੀਆਂ ਨੇ ਅੱਜ ਸੂਬੇ ਭਰ ਵਿਚ ਵੱਡਾ ਐਕਸ਼ਨ ਕਰਦਿਆਂ ਸਰਕਾਰ ਦੀਆਂ ਪਾਬੰਦੀਆਂ ਦੇ ਹੁਕਮਾਂ ਦੇ ਬਾਵਜੂਦ ਪੁਲਿਸ ਰੋਕਾਂ ਦੀ ਪਰਵਾਹ ਨਾ ਕਰਦਿਆਂ ਅਕਾਲੀ-ਭਾਜਪਾ ਦੇ ਵੱਡੇ ਆਗੂਆਂ, ਐਮ.ਪੀ ਤੇ ਵਿਧਾਇਕਾਂ ਦੇ ਘਰਾਂ ਵਲ ਟਰੈਕਟਰ ਮਾਰਚ ਕੀਤੇ।
File Photo
ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਵਿਚ ਕਿਸਾਨ ਪਰਵਾਰਾਂ ਦੇ ਮੈਂਬਰ ਤੇ ਮਹਿਲਾਵਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਥਾਂ ਥਾਂ ਟਰੈਕਟਰਾਂ ਦੀਆਂ ਕਤਾਰਾਂ ਮੀਲਾਂ ਤਕ ਸਨ ਜਿਸ ਕਾਰਨ ਆਵਾਜਾਈ ਵਿਚ ਵੀ ਵਿਘਨ ਪਿਆ। ਕੁੱਝ ਥਾਵਾਂ 'ਤੇ ਕਿਸਾਨਾਂ ਨੂੰ ਪੁਲਿਸ ਨੇ ਘੇਰਾਬੰਦੀ ਕਰ ਕੇ ਨੇਤਾਵਾਂ ਦੇ ਘਰਾਂ ਤੋਂ ਪਿਛੇ ਹੀ ਰੋਕ ਲਿਆ ਜਿਥੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਕਰਦਿਆਂ ਜ਼ਬਰਦਸਤ ਨਾਹਰੇਬਾਜ਼ੀ ਕੀਤੀ।
ਜਿਨ੍ਹਾਂ ਮੁੱਖ ਆਗੂਆਂ ਦੇ ਘਰਾਂ ਵਲ ਮਾਰਚ ਕੀਤਾ ਗਿਆ ਉਨ੍ਹਾਂ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਭਾਜਪਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਂ ਜ਼ਿਕਰਯੋਗ ਹਨ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਦੇ ਨਾਲ ਬਾਦਲ ਅਕਾਲੀ ਦਲ ਦੇ ਲੀਡਰਾਂ ਵਿਰੁਧ ਵੀ ਕਿਸਾਨਾਂ ਦਾ ਗੁੱਸਾ ਪ੍ਰਚੰਡ ਹੋ ਗਿਆ।
ਕਿਸਾਨ ਸਮਝਦੇ ਹਨ ਕਿ ਵਜ਼ੀਰੀ ਦੀ ਇਕ ਕੁਰਸੀ ਤੇ ਮੋਦੀ ਦੀ ਨਜ਼ਰੇ ਕਰਮ ਲਈ ਬਾਦਲ ਅਕਾਲੀ ਦੇ ਨੇਤਾ ਕਿਸਾਨਾਂ ਦੀ ਮੌਤ ਦੇ ਵਾਰੰਟਾਂ ਤੇ ਦਸਤਖ਼ਤ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਪਸ਼ਟ ਐਲਾਨ ਕੀਤਾ ਕਿ ਇਹ ਅੰਦੋਲਨ ਹੁਣ ਆਰਡੀਨੈਂਸਾਂ ਦੀ ਵਾਪਸੀ ਤਕ ਖ਼ਤਮ ਨਹੀਂ ਹੋਣ ਵਾਲਾ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਦੇਸ਼ ਵਿਆਪੀ ਰੂਪ ਧਾਰਨ ਕਰ ਲਵੇਗਾ।
File Photo
ਮੋਗਾ ਤੋਂ ਅਮਜਦ ਖ਼ਾਨ/ਜਸਵਿੰਦਰ ਧੱਲੇਕੇ ਦੀ ਰੀਪੋਰਟ ਅਨੁਸਾਰ : ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਮੋਗਾ ਵਿਖੇ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਸਾਨ ਸਭਾ ਵਲੋਂ ਦਾਣਾ ਮੰਡੀ ਵਿਖੇ ਇਕੱਠੇ ਹੋ ਕੇ ਅਕਾਲੀ ਆਗੂ ਤੋਤਾ ਸਿੰਘ ਦੇ ਘਰ ਵਲ ਟਰੈਕਟਰ ਮਾਰਚ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਕੇਂਦਰ ਵਲੋਂ ਪਾਸ ਕੀਤੇ ਤਿੰਨੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਲਏ ਜਾਣ ਨਹੀਂ ਤਾਂ ਇਸ ਵਿਰੁਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦੇ ਨਿਰਭੈ ਸਿੰਘ ਢੁੱਡੀਕੇ ਸੂਬਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਗੁਰਦੀਪ ਸਿੰਘ ਵੈਰੋਕੇ ਸੂਬਾਈ ਆਗੂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਸੂਰਤ ਸਿੰਘ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਸਿੱਧੇ ਰੂਪ ਵਿਚ ਕਿਸਾਨ ਵਿਰੋਧੀ ਫ਼ੈਸਲਿਆਂ ਤੇ ਉੱਤਰ ਆਈ ਹੈ। ਕਰੋਨਾ ਦੀ ਆੜ ਹੇਠ ਕਿਸਾਨੀ ਨੂੰ ਮਾਰੂ ਨੀਤੀਆਂ ਤਹਿਤ ਹੋਰ ਕਰਜ਼ਿਆਂ ਵਲ ਧਕਿਆ ਜਾ ਰਿਹਾ ਅਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਮੰਡੀਕਰਨ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ
ਕਿਸਾਨ ਯੂਨੀਅਨ ਵਲੋਂ ਬਲਾਕ ਸ਼ਹਿਣਾ ਦੇ ਪਿੰਡਾਂ 'ਚ ਟਰੈਕਟਰ ਮਾਰਚ
ਸ਼ਹਿਣਾ, 27 ਜੁਲਾਈ (ਨਰਿੰਦਰ ਸਿੰਗਲਾ): ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਟਰੈਕਟਰ ਮਾਰਚ ਬਲਾਕ ਸ਼ਹਿਣਾ ਦੇ ਪਿੰਡ ਸੁਖਪੁਰਾ ਤੋਂ ਸ਼ੁਰੂ ਕੀਤਾ ਗਿਆ ਜੋ ਕਿ ਪਿੰਡ ਜੋਧਪੁਰ, ਚੀਮਾ, ਸ਼ਹਿਣਾ, ਪੱਖੋਕੇ, ਨਾਈਵਾਲਾ, ਠਕੀਰੀਵਾਲਾ ਤੋਂ ਹੋ ਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਹਲਕਾ ਇੰਚਾਰਜ ਕਲਵੰਤ ਸਿੰਘ ਕੀਤੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਦੁੱਲਮਸਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੀਕੇਯੂ ਡਕੌਂਦਾ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਇਹ ਮਾਰਚ ਸ਼ੁਰੂ ਹੋਇਆ।
File Photo
ਬਠਿੰਡਾ 'ਚ ਕਿਸਾਨਾਂ ਨੇ ਕੇਂਦਰੀ ਮੰਤਰੀ ਬੀਬੀ ਬਾਦਲ ਦੇ ਦਫ਼ਤਰ ਦਾ ਕੀਤਾ ਘਿਰਾਉ
ਬਠਿੰਡਾ, 27 ਜੁਲਾਈ (ਸੁਖਜਿੰਦਰ ਮਾਨ) : ਪਿਛਲੇ ਦਿਨੀਂ ਕਰੋਨਾ ਮਹਾਂਮਾਰੀ ਦੀ ਆੜ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ 'ਚ ਅੱਜ ਬਠਿੰਡਾ ਵਿਚ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਵਲੋਂ ਕੇਂਦਰੀ ਮੰਤਰੀ ਬੀਬੀ ਬਾਦਲ ਦੇ ਦਫ਼ਤਰ ਦਾ ਘਿਰਾਉ ਕੀਤਾ ਗਿਆ। ਇਸਤੋਂ ਪਹਿਲਾਂ 13 ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ ਪਿੰਡਾਂ 'ਚੋਂ ਇਕੱਤਰ ਹੋਏ ਕਿਸਾਨਾਂ ਨੇ ਇਕੱਠੇ ਹੋ ਕੇ ਹਜ਼ਾਰਾਂ ਟਰੈਕਟਰਾਂ ਨਾਲ ਸੜਕਾਂ 'ਤੇ ਮਾਰਚ ਕੀਤਾ। ਇਸ ਮੌਕੇ ਕੋਈ ਅਣਸੁਖਾਵੀ ਘਟਨਾ ਵਾਪਰਨ ਤੋਂ ਰੋਕਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਥਾਂ-ਥਾਂ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਇਸਦੇ ਬਾਵਜੂਦ ਕਿਸਾਨ ਸਥਾਨਕ 100 ਫੁੱਟੀ ਰੋਡ 'ਤੇ ਸਥਿਤ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਤਕ ਪੁੱਜ ਗਏ। ਜਿਥੇ ਸਟੇਜ਼ ਲਗਾ ਕੇ ਕਿਸਾਨਾਂ ਨੇ ਕੇਂਦਰ ਵਲੋਂ ਜਾਰੀ ਆਰਡੀਨੈਂਸ ਕਾਰਨ ਕਿਸਾਨੀ ਉਪਰ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ ਵਲੋਂ ਕਿਸਾਨ ਜਥੇਬੰਦੀਆਂ ਤੋਂ ਮੰਗ ਪੱਤਰ ਵੀ ਲਿਆ ਗਿਆ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਨਤਕ ਇਕੱਠਾਂ 'ਤੇ ਪਾਬੰਦੀਆਂ ਅਤੇ ਦਰਜ ਕੀਤੇ ਪੁਲਿਸ ਕੇਸ ਤੁਰਤ ਵਾਪਸ ਲਵੇ।
File Photo
ਬਾਦਲਾਂ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ
ਸ੍ਰੀ ਮੁਕਤਸਰ ਸਾਹਿਬ-ਲੰਬੀ, 27 ਜੁਲਾਈ (ਰਣਜੀਤ ਸਿੰਘ): ਕਿਸਾਨ ਅਤੇ ਖੇਤੀ ਵਿਰੋਧੀ 3 ਆਰਡੀਨੈਂਸਾਂ ਦੇ ਵਿਰੋਧ ਵਿਚ ਪੰਜਾਬ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਾਰਜਕਾਰੀ ਕਮੇਟੀ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ਪਿੰਡ ਬਾਦਲ ਵਲ ਨੂੰ ਟਰੈਕਟਰ ਮਾਰਚ ਕੀਤਾ ਪਰ ਪੁਲਿਸ ਨੇ ਇਨ੍ਹਾਂ ਨੂੰ ਖਿਉਵਾਲੀ ਕੋਲ ਹੀ ਰੋਕ ਲਿਆ। ਬਾਅਦ ਵਿਚ ਬਾਦਲ ਪਰਵਾਰ ਦੇ ਪ੍ਰਤੀਨਿਧਾਂ ਵਜੋਂ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅਤੇ ਸਾਥੀਆਂ ਨੇ ਆ ਕੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਲਿਆ, ਜਿਸ ਉਪਰੰਤ ਧਰਨੇ ਦੀ ਸਮਾਪਤੀ ਹੋਈ।