
ਰਜ਼ੀਆ ਸੁਲਤਾਨਾ ਨੇ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਦੁਨੀਆ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ (World Nature Conservation Day) ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ (Razia Sultana) ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ। ਜਾਰੀ ਸੁਨੇਹੇ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਗਲਤੀਆਂ ਕਾਰਨ ਜਿੱਥੇ ਵਾਤਾਵਰਣ ਗੰਧਲਾ ਹੋ ਰਿਹਾ ਹੈ ਉੱਥੇ ਹੀ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਾਰਨ ਕੁਦਰਤੀ ਪਾਣੀ ਦੇ ਸੋਮੇ ਵੀ ਦੂਸ਼ਿਤ ਹੋ ਰਹੇ ਹਨ। ਬਹੁਤ ਸਾਰੇ ਜੀਵ-ਜੰਤੂ ਅਤੇ ਰੁੱਖ-ਬੂਟੇ ਇਸ ਪ੍ਰਦੂਸ਼ਿਤ ਵਾਤਾਵਰਣ ਦੀ ਭੇਂਟ ਚੜ੍ਹ ਰਹੇ ਹਨ।
ਹੋਰ ਪੜ੍ਹੋ: ਅਦਾਲਤ ਨੇ ਰੱਦ ਕੀਤੀ Julian Assange ਦੀ ਨਾਗਰਿਕਤਾ, ਦਾਇਰ ਕਰਨਗੇ ਅਪੀਲ
Nature
ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਭਨਾਂ ਪੇਂਡੂ ਘਰਾਂ ਤੱਕ ਸ਼ੁੱਧ ਅਤੇ ਸਾਫ ਪਾਣੀ ਪਹੁੰਚਾਇਆ ਜਾ ਸਕੇ ਅਤੇ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾ ਦਿੱਤੀ ਜਾਵੇਗੀ।
ਹੋਰ ਪੜ੍ਹੋ: ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਮੋਨਟੇਕ ਪੈਨਲ ਨੇ ਪੰਜਾਬ ਸਰਕਾਰ ਨੂੰ ਦਿੱਤੇ ਸੁਝਾਅ
Razia Sultana
ਇਸੇ ਤਰ੍ਹਾਂ ਸਵੱਛ ਭਾਰਤ ਮਿਸ਼ਨ ਤਹਿਤ ਪਹਿਲੇ ਦੌਰ ਵਿਚ ਪੰਜਾਬ ਖੁੱਲ੍ਹੇ ਵਿਚ ਸ਼ੋਚ ਤੋਂ ਮੁਕਤ ਹੋ ਚੁੱਕਾ ਹੈ। ਪਿੰਡਾਂ ਵਿਚ ਤਰਲ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਬਹੁਤ ਸਾਰੇ ਪ੍ਰੋਜੈਕਟਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ 2024-25 ਤੱਕ ਸਾਰੇ ਪਿੰਡਾਂ ਵੱਲੋਂ ਟੀਚਾ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਰਾਜਾਂ ਵਿਚ ਸ਼ਾਮਲ ਹੈ ਜਿੱਥੇ ਪਿੰਡਾਂ ਵਿਚ ਪਾਣੀ ਦੀ ਨਿਰੰਤਰ ਸਪਲਾਈ ਅਤੇ ਕੂੜੇ ਦਾ ਸਾਰਥਕ ਪ੍ਰਬੰਧਨ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: Netflix ਨੇ 3 ਸਾਲਾਂ ਦੌਰਾਨ ਭਾਰਤ 'ਚ ਨਿਵੇਸ਼ ਕੀਤੇ 3000 ਕਰੋੜ, ਕਈ ਭਾਸ਼ਾਵਾਂ ‘ਚ ਡਬਿੰਗ ਦੀ ਸਹੂਲਤ
Nature
ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਾਇਆ ਰਹੇ।