
ਤੋਮਰ ਨੇ ਲੋਕ ਸਭਾ ’ਚ ਨਾਹਰੇਬਾਜ਼ੀ ਕਰਨ ਵਾਲਿਆਂ ਨੂੰ ਦਸਿਆ, ਕਿਸਾਨਾਂ ਅਤੇ ਜਨਤਾ ਦੇ ਦੋਸ਼ੀ
ਨਵੀਂ ਦਿੱਲੀ, 27 ਜੁਲਾਈ : ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ, ਪੈਗਾਸਸ ਜਾਸੂਸੀ ਮਾਮਲੇ ਸਮੇਤ ਵੱਖ ਵੱਖ ਮੁੱਦਿਆਂ ’ਤੇ ਚਰਚਾ ਲਈ ਕਾਂਗਰਸ, ਤਿ੍ਰਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵਲੋਂ ਲਗਾਤਾਰ ਸਦਨ ਵਿਚ ਨਾਹਰੇਬਾਜ਼ੀ ਕੀਤੀ ਗਈ। ਇਸ ਦੇ ਚਲਦਿਆਂ ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ ਕੀਤੀ ਗਈ। ਵਿਰੋਧੀਆਂ ਦੇ ਹੰਗਾਮੇ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਾਹਰੇਬਾਜ਼ੀ ਕਰ ਰਹੇ ਮੈਂਬਰਾਂ ’ਤੇ ਕਿਸਾਨਾਂ ਪ੍ਰਤੀ ਹਮਦਰਦੀ ਨਾ ਰਖਣ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਇਸ ਹੰਗਾਮੇ ਨਾਲ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਸਦਨ ’ਚ ਹੰਗਾਮਾ ਕਰਨ ਵਾਲਿਆਂ ’ਤੇ ਹਮਲਾ ਬੋਲਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਦੇ ਏਜੰਡੇ ਵਿਚ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ 15 ਤੋਂ ਵੱਧ ਪ੍ਰਸ਼ਨ ਹਨ। ਉਨ੍ਹਾਂ ਕਿਹਾ ਕਿ ਜੇ ਵਿਰੋਧੀ ਧਿਰ ਦੇ ਮੈਂਬਰਾਂ ਵਿਚ ਕਿਸਾਨੀ ਪ੍ਰਤੀ ਕੋਈ ਹਮਦਰਦੀ ਹੈ ਜਾਂ ਉਨ੍ਹਾਂ ਪ੍ਰਤੀ ਵਫ਼ਾਦਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਅਪਣੀ ਜਗ੍ਹਾ ਸ਼ਾਂਤੀ ਨਾਲ ਬੈਠਣਾ ਚਾਹੀਦਾ ਹੈ ਅਤੇ ਸਵਾਲਾਂ ਰਾਹੀਂ ਅਪਣੀ ਗੱਲ ਰਖਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਸੁਣਨਾ ਚਾਹੀਦਾ ਹੈ। (ਏਜੰਸੀ)