
*-ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰ ਦੀਆਂ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਚੁੱਕਣ 'ਚ ਪੂਰੀ ਤਰ੍ਹਾਂ ਅਸਫਲ: ਮਲਵਿੰਦਰ ਸਿੰਘ ਕੰਗ*
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੂੰ ਉਹਨਾਂ ਦੀਆਂ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਨੀਤੀਆਂ 'ਤੇ ਘੇਰਨ ਦੀ ਬਜਾਏ ਇਹਨਾਂ ਦੋਵੇਂ ਪਾਰਟੀਆਂ ਨੂੰ ਸਿਰਫ਼ ਆਪਣੇ ਪ੍ਰਧਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਿਆਸੀ ਭਵਿੱਖ ਨੂੰ ਬਚਾਉਣ ਦੀ ਚਿੰਤਾ ਹੈ।
Malvinder Singh Kang
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ 'ਤੇ ਅਜਿਹਾ ਕੰਟਰੋਲ ਮੁਕਤ ਸ਼ਾਸਨ ਥੋਪ ਦਿੱਤਾ ਹੈ, ਜਿਸ ਨੇ ਦੇਸ਼ ਵਿੱਚ ਆਰਥਿਕ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਵਧਾ ਦਿੱਤਾ ਹੈ, ਪਰ ਕਾਂਗਰਸ ਅਤੇ ਅਕਾਲੀ ਦਲ ਇਸ ਵੇਲੇ ਵੀ ਸਿਰਫ਼ ਆਪਣੇ ਸਿਆਸੀ ਭਵਿੱਖ ਦੀ ਰਾਖੀ ਕਰਨ 'ਤੇ ਲੱਗੇ ਹੋਏ ਹਨ। ਇਸ ਮੌਕੇ 'ਆਪ' ਆਗੂ ਅਤੇ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਉਹਨਾਂ ਨਾਲ ਮੌਜੂਦ ਸਨ।
Malvinder Singh Kang
ਇਹ ਸਿਰਫ 'ਆਪ' ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਨ ਜੋ ਲੋਕਤੰਤਰ ਦੀ ਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਹਨ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਉਸ ਦੀਆਂ 'ਲੋਕ ਵਿਰੋਧੀ ਨੀਤੀਆਂ' ਬਾਰੇ ਨਿਯਮਿਤ ਤੌਰ 'ਤੇ ਸਵਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਭਾਜਪਾ ਦੀਆਂ ‘ਗੈਰ-ਸੰਵਿਧਾਨਕ ਅਤੇ ਲੋਕ ਵਿਰੋਧੀ ਨੀਤੀਆਂ’ ਖ਼ਿਲਾਫ਼ ਕੋਈ ਰੋਸ ਪ੍ਰਦਰਸ਼ਨ ਕਰਨਾ ਕਦੇ ਜ਼ਰੂਰੀ ਨਹੀਂ ਸਮਝਿਆ, ਪਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਈਡੀ ਵੱਲੋਂ ਸੰਮਨ ਕੀਤੇ ਜਾਣ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਵਰਕਰਾਂ ਨੂੰ ਬਲਾਕ ਪੱਧਰ ਤੋਂ ਲੈ ਕੇ ਕੌਮੀ ਪੱਧਰ ਤੱਕ ਧਰਨੇ ਦੇਣ ਦੇ ਨਿਰਦੇਸ਼ ਦੇ ਦਿੱਤੇ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਾਰਪੋਰੇਟ ਪਰਿਵਾਰਾਂ ਦਾ ਪੱਖ ਪੂਰਦੀ ਹੈ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ। ਇਨ੍ਹਾਂ ਫੈਸਲਿਆਂ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪੈਂਦਾ ਹੈ, ਪਰ ਕਾਂਗਰਸ ਪਾਰਟੀ ਲਈ ਇਹ ਮਾਇਨੇ ਨਹੀਂ ਰੱਖਦੇ। ਕਾਂਗਰਸ ਲਈ ਸਭ ਤੋਂ ਜ਼ਰੂਰੀ ਬਸ ਗਾਂਧੀ ਪਰਿਵਾਰ ਨੂੰ ਬਚਾਉਣਾ ਹੀ ਹੈ। ਇਸੇ ਤਰ੍ਹਾਂ 100 ਸਾਲ ਪੁਰਾਣੀ ਅਕਾਲੀ ਪਾਰਟੀ ਦੇ ਵਰਕਰ ਅਤੇ ਆਗੂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਨਾਖੁਸ਼ ਹਨ ਅਤੇ ਅਹੁਦਾ ਛੱਡਣ ਦੀ ਮੰਗ ਕਰ ਰਹੇ ਹਨ। ਪਰ ਬਾਦਲ ਪਰਿਵਾਰ ਸੱਤਾ ਛੱਡਣ ਲਈ ਤਿਆਰ ਨਹੀਂ ਹੈ, ਭਾਵੇਂ ਕਿ ਉਹ ਜਾਣਦੇ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਦਲ ਪੰਜਾਬ ਵਿੱਚ ਸੱਤਾਧਾਰੀ ਦਲ ਸੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਭਾਈਵਾਲ ਸੀ ਤਾਂ ਉਨ੍ਹਾਂ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਨਹੀਂ ਉਠਾਇਆ। ਹੁਣ ਜਦੋਂ ਕਿ ਬਾਦਲ ਪਰਿਵਾਰ ਦਾ ਭਵਿੱਖ ਖ਼ਤਰੇ ਵਿੱਚ ਹੈ, ਉਹ ਆਪਣੀ ਕਾਰਗੁਜ਼ਾਰੀ ਤੋਂ ਧਿਆਨ ਹਟਾ ਕੇ ਅਜਿਹੇ ਮੁੱਦਿਆਂ ਵੱਲ ਲਿਜਾ ਰਹੇ ਹਨ, ਜਿਨ੍ਹਾਂ ਦੀ ਪਹਿਲਾਂ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ ਸੀ।