ਤਲਵੰਡੀ ਭੀਲਾਂ, ਡੁਗਰੀ ਤੇ ਅੰਬਗੜ੍ਹ ’ਚ ਬਣਨਗੇ ਪੰਚਾਇਤ ਘਰ
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਅਨੁਸਾਰ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ ਤਾਂ ਜੋ ਆਧੁਨਿਕ ਸਮੇਂ ਅਨੁਸਾਰ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ ।
ਪਿੰਡ ਤਲਵੰਡੀ ਭੀਲਾਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਆਉਂਦੇ ਸਮੇਂ ਵਿਚ ਪੰਜਾਬ ਹਰ ਖੇਤਰ ਵਿਚ ਤਰੱਕੀ ਦੇ ਹੋਰ ਨਵੇਂ ਮਾਅਰਕੇ ਹਾਸਿਲ ਕਰੇਗਾ। ਪਿੰਡ ਰਹੀਮਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਅਤੇ ਸਿਹਤ ਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਲਥ ਅਤੇ ਵੈਲਨੈਸ ਸੈਂਟਰ ਦੀ ਸਥਾਪਤੀ ਨਾਲ ਆਲੇ-ਦੁਆਲੇ ਦੇ ਕਈ ਪਿੰਡਾਂ ਨੂੰ ਮਿਆਰੀ ਸਿਹਤ ਸਹੂਲਤਾਂ ਸਹਿਜੇ ਹੀ ਹਾਸਿਲ ਹੋ ਸਕਣਗੀਆਂ।
ਸਥਾਨਕ ਸਰਕਾਰਾਂ ਮੰਤਰੀ ਨੇ ਪਿੰਡ ਡੁਗਰੀ ਅਤੇ ਅੰਬਗੜ੍ਹ ਵਿਖੇ ਕ੍ਰਮਵਾਰ 30 ਲੱਖ ਰੁਪਏ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤਾਂ ਘਰਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਮੋਹਤਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਵਾਲੇ ਪੰਚਾਇਤ ਘਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਇਤ ਘਰਾਂ ਦੇ ਕੰਮ ਮੁਕੰਮਲ ਹੋਣ ਉਪਰੰਤ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆਉਣ ਲਈ ਹੋਰ ਵੀ ਚੰਗਾ ਮਾਹੌਲ ਮਿਲੇਗਾ।
ਪਿੰਡ ਬੱਲ ਵਿਖੇ 84 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪੌਂਡ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੀਵਰੇਜ ਟਰੀਟਮੈਂਟ ਦੀ ਸਹੂਲਤ ਪਿੰਡ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਨੇ ਪਿੰਡ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ-ਇਕ ਕਰਕੇ ਪਿੰਡਾਂ ਦੇ ਸਾਰੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਭੋਗਪੁਰ ਵਿਖੇ 25 ਲਾਭਪਾਤਰੀਆਂ ਨੂੰ ਅਵਾਸ ਯੋਜਨਾ ਦੇ ਪੱਤਰ ਵੰਡੇ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਬੱਸ ਸਟੈਂਡ ਭੋਗਪੁਰ ਵਿਖੇ ਅਵਾਸ ਯੋਜਨਾ ਦੇ 25 ਲਾਭਪਾਤਰੀਆਂ ਨੂੰ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਸਹੂਲਤ ਹੇਠਲੇ ਪੱਧਰ ਤੱਕ ਪੁੱਜਣੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੀ ਹੋਈ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਵਾਸ਼ ਯੋਜਨਾ ਦੇ ਲਾਭਪਾਤਰੀ ਨੂੰ ਨਵੀਂ ਉਸਾਰੀ ਲਈ 1.75 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਤਾਂ ਜੋ ਲਾਭਪਾਤਰੀ ਆਪਣਾ ਮਕਾਨ ਬਣਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰ ਰਹੀ ਹੈ ਜਿਸ ਦੀ ਮਿਸਾਲ 90 ਫੀਸਦੀ ਪਰਿਵਾਰਾਂ ਦੇ ਜੀਰੋ ਫੀਸਦੀ ਬਿਜਲੀ ਬਿੱਲ, ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਸਿੱਖਿਆ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਅਤੇ ਵਿਦਿਅਕ ਅਦਾਰਿਆਂ ਵਿਚ ਅਤਿ- ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਤੀ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ ਵਿਚ ਸਿਖਲਾਈ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਵੀਆਂ ਬੁਲੰਦੀਆਂ ਨੂੰ ਛੋਹ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸਿਕ ਫੈਸਲਾ ਲੈਂਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ ਹਨ।