ਨਵੇਂ ਯੁੱਗ ਦੀ ਸ਼ੁਰੂਆਤ: CM ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ, ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
Published : Jul 28, 2023, 4:54 pm IST
Updated : Jul 28, 2023, 4:54 pm IST
SHARE ARTICLE
photo
photo

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ

 

 ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ।

ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ। 

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ. ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਇਸ ਮੌਕੇ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement