
Amritsar News : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Amritsar News in Punjabi : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਇੱਕ ਵਫਦ ਨੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਬਾਰੇ ਜਾਣੂ ਕਰਵਾਇਆ, ਜੋ ਭਾਰਤ ਦੇ ਹੋਰ ਸੂਬਿਆਂ ਸਮੇਤ ਉੱਤਰ ਪ੍ਰਦੇਸ਼ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਤੇ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਵਿੰਦਰ ਸਿੰਘ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਨਵੰਬਰ ਵਿਚ ਹੋ ਰਹੇ ਸਮਾਗਮਾਂ ਵਿਚ ਸਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਦਾ ਪੱਤਰ ਦਿੱਤੇ ਜਾ ਰਹੇ ਹਨ।
ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਦਿੱਤਯ ਨਾਥ ਯੋਗੀ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ, ਉਥੇ ਹੀ ਸ਼ਹੀਦੀ ਨਗਰ ਕੀਰਤਨ ਦੌਰਾਨ ਉੱਤਰ ਪ੍ਰਦੇਸ਼ ਵਿਚ ਉਚਿਤ ਪ੍ਰਬੰਧਾਂ ਲਈ ਵਿਸ਼ਵਾਸ ਦਿਵਾਉਂਦਿਆਂ ਸੂਬੇ ਅੰਦਰ ਨਗਰ ਕੀਰਤਨ ਦਾ ਸਰਕਾਰੀ ਤੌਰ ’ਤੇ ਸਵਾਗਤ ਕਰਨ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਉੱਤਰ ਪ੍ਰਦੇਸ਼ ਵਿਚ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧਾਂ ਦੀ ਜ਼ੁੰਮੇਵਾਰੀ ਉੱਤਰ ਪ੍ਰਦੇਸ਼ ਸਰਕਾਰ ਦੇ ਰਾਜ ਮੰਤਰੀ ਸ. ਬਲਦੇਵ ਸਿੰਘ ਔਲਖ ਨੂੰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦਾ ਪੂਰੇ ਉੱਤਰ ਪ੍ਰਦੇਸ਼ ਵਿੱਚ ਭਰਵਾਂ ਸਵਾਗਤ ਤੇ ਸਨਮਾਨ ਹੋਵੇਗਾ।
(For more news apart from SGPC invites Uttar Pradesh Chief Minister for 350th martyrdom centenary celebrations News in Punjabi, stay tuned to Rozana Spokesman)