
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਰਦਾਤਾਂ ਨੂੰ ਸਿੱਖ ਸੰਗਤ ਸਹਿਣ ਨਹੀਂ ਕਰੇਗੀ: ਬਲਜੀਤ ਸਿੰਘ ਦਾਦੂਵਾਲ
to
ਪਿਹੋਵਾ, 27 ਸਤੰਬਰ (ਡਾ. ਵਰਿਆਮ ਸਿੰਘ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਚ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਰ ਵਾਰ ਹੋ ਰਹੀਆਂ ਵਾਰਦਾਤਾਂ ਨੂੰ ਸਿੱਖ ਸੰਗਤ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਵਿਚ ਬੇਲੋੜੇ ਸਿਆਸੀ ਦਖਲ ਕਾਰਨ ਇਹ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਜੇ ਧਾਰਮਕ ਮਾਮਲਿਆਂ ਵਿਚ ਸਿਆਸੀ ਦਖਲ ਬੰਦ ਨਾ ਕੀਤਾ ਗਿਆ ਤਾਂ ਹਾਲਤ ਹੋਰ ਵੀ ਵਿਗੜ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਗੁਰਦੁਆਰਾ ਕਮੇਟੀ ਸਾਰਾ ਸਮਾਂ ਸਿਰਫ਼ ਅਹੁਦੇ ਭਰਨ ਤੇ ਹੀ ਲੱਗੀ ਰਹੀ ਪਰ ਉਸ ਵੱਲੋਂ ਗੁਰਦੁਆਰਾ ਬੰਦੋਬਸਤ ਨੂੰ ਸੁਧਾਰਨ ਲਈ ਜਮੀਨੀ ਪੱਧਰ ਤੇ ਕੋਈ ਵੀ ਸਾਰਥਕ ਕੰਮ ਨਹੀਂ ਕੀਤਾ ਗਿਆ। ਇਸ ਮੌਕੇ ਕਈ ਵੱਡੇ ਐਲਾਨ ਕਰਦਿਆਂ ਭਾਈ ਦਾਦੂਵਾਲ ਨੇ ਕਿਹਾ ਕਿ ਹਰਿਆਣੇ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਮੁਫ਼ਤ ਵਾਈ-ਫਾਈ ਦੀ ਸਹੂਲਤ ਦਿੱਤੀ ਜਾਏਗੀ। ਗੁਰਦੁਆਰਾ ਛੇਵੀਂ ਤੇ ਨੌਵੀਂ ਪਾਤਸ਼ਾਹੀ ਚੀਕਾ ਵਿੱਚ ਮੁਫ਼ਤ ਡਿਸਪੈਂਸਰੀ ਸ਼ੁਰੂ ਕੀਤੀ ਜਾਵੇਗੀ। ਜਲਦੀ ਹੀ ਨਾਨਕਸ਼ਾਹੀ ਕੈਲੰਡਰ ਛਾਪਿਆ ਜਾਵੇਗਾ ਅਤੇ ਕਮੇਟੀ ਵੱਲੋਂ ਹਰਿਆਣਾ ਸਿੱਖ ਸੰਦੇਸ਼ ਰਸਾਲਾ ਛਾਪਣਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਇਲਾਵਾ ਗੁਰਦੁਆਰਾ ਕਮੇਟੀ ਗਰੀਬ ਸਿੱਖ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਅਤੇ ਆਈਏਐਸ, ਆਈਪੀਐਸ ਪੋਸਟਾਂ ਦੇ ਇਮਤਿਹਾਨਾਂ ਵਿਚ ਬੈਠਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੋਚਿੰਗ ਦਿਵਾਉਣ ਦਾ ਬੰਦੋਬਸਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਅੰਦਰ ਮੌਜੂਦ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ ਜਾਣਕਾਰੀ ਇਕੱਤਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਸਿਰਫ ਧਾਰਮਿਕ ਸਿੱਖਿਆ ਪ੍ਰਾਪਤ ਲੋਕਾਂ ਦੇ ਹੱਥ ਵਿੱਚ ਹੀ ਹੋਣਾ ਚਾਹੀਦਾ ਹੈ ਕਿਉਂਕਿ ਸਿਆਸੀ ਦਖਲ ਕਾਰਨ ਕਈ ਵਾਰ ਅਜਿਹੇ ਲੋਕ ਗੁਰਦੁਆਰਾ ਪ੍ਰਬੰਧ ਵਿੱਚ ਦਾਖਲ ਹੋ ਜਾਂਦੇ ਹਨ ਜੋ ਸੰਗਤ ਨੂੰ ਅਗਿਆਨਤਾ ਦੇ ਹਨੇਰੇ ਵਿਚ ਸੁੱਟ ਦਿੰਦੇ ਹਨ।
ਇਸ ਮੌਕੇ ਇਲਾਕੇ ਦੀਆਂ ਧਾਰਮਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਸਨਮਾਨ ਕੀਤਾ ਗਿਆ।