
ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਚੰਡੀਗੜ੍ਹ : ਚਨਰਜੀਤ ਚੰਨੀ ਸਰਕਾਰ ਵਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਅੱਜ ਸਾਰੇ ਮੰਤਰੀਆਂ ਨੂੰ ਮਹਿਕਮੇ ਵੀ ਵੰਦ ਦਿੱਤੇ ਗਏ ਹਨ। ਜਿਵੇਂ ਹੀ ਮਹਿਕਮਿਆਂ ਦਾ ਐਲਾਨ ਹੋਇਆ ਤਾਂ ਇਸ ਤੋਂ ਤੁਰੰਤ ਬਾਅਦ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਭ ਤੋਂ ਪਹਿਲਾਂ ਹਰਕਤ 'ਚ ਆਉਂਦਿਆਂ ਅਪਣਾ ਕਾਰਜਭਾਰ ਵੀ ਸੰਭਾਲ ਲਿਆ। ਸੁੱਖ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਪਹੁੰਚ ਕਾਰਜ-ਭਾਰ ਸੰਭਾਲ ਲਿਆ। ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
sukhbinder singh sarkaria
ਉਨ੍ਹਾਂ ਨੂੰ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।