
ਕਿਹਾ, ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿਚ ਇਕ ਯੁੱਗ ਦਾ ਅੰਤ ਹੋਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿਚ ਇਕ ਯੁੱਗ ਦਾ ਅੰਤ ਦਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤਕ ਯਾਦ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ।
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਸਵਾਮੀਨਾਥਨ ਦਾ ਦੇਹਾਂਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।